- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦਾਲਤ ਵੱਲੋਂ ਭਗੌੜਾ (ਪੀਓ) ਐਲਾਨਿਆ ਮੁਲਜ਼ਮ ਗ੍ਰਿਫ਼ਤਾਰ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਵੱਖ-ਵੱਖ ਮਾਮਲਿਆਂ ’ਚ ਅਦਾਲਤ ਵੱਲੋਂ ਭਗੌੜੇ (ਪੀਓ) ਐਲਾਨੇ ਗਏ ਮੁਲਜ਼ਮਾਂ ਨੂੰ ਫੜਨ ਲਈ ਅਭਿਮੰਨਿਊ ਰਾਣਾ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ’ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪੀਓ ਸਟਾਫ਼ ਦੀ ਪੁਲਿਸ ਨੇ ਇੱਕ ਲੰਮੇ ਸਮੇਂ ਤੋਂ ਫ਼ਰਾਰ ਚੱਲ ਰਹੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਪੀਓ ਸਟਾਫ਼ ਦੇ ਇੰਚਾਰਜ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਵਿਸ਼ੇਸ਼ ਕਾਰਵਾਈ ਦੌਰਾਨ ਮੁਲਜ਼ਮ ਰਵੀ ਸਿੰਘ ਪੁੱਤਰ ਗੁਰਮੀਤ ਸਿੰਘ, ਵਾਸੀ ਥਾਂਦੇਵਾਲਾ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 31 ਮਿਤੀ 06.06.2024 ਦਰਜ ਸੀ। ਅਦਾਲਤੀ ਕਾਰਵਾਈ ਦੌਰਾਨ ਗ਼ੈਰ-ਹਾਜ਼ਰ ਰਹਿਣ ਕਰਕੇ ਮਾਨਯੋਗ ਅਦਾਲਤ ਵੱਲੋਂ ਉਸਨੂੰ 02 ਦਸੰਬਰ 2025 ਨੂੰ ਭਗੌੜਾ (ਪੀਓ) ਘੋਸ਼ਿਤ ਕੀਤਾ ਗਿਆ ਸੀ। ਪੀਓ ਸਟਾਫ਼ ਨੇ ਮੁਸਤੈਦੀ ਦਿਖਾਉਂਦਿਆਂ ਮੁਲਜ਼ਮ ਨੂੰ 04 ਅਕਤੂਬਰ 2026 ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।