ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 38 ਐੱਨਡੀਪੀਐੱਸ ਕੇਸਾਂ ’ਚ ਬਰਾਮਦ ਮਾਲ ਕੀਤਾ ਨਸ਼ਟ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ
Publish Date: Mon, 23 Mar 2026 03:30 PM (IST)
Updated Date: Mon, 23 Mar 2026 03:34 PM (IST)

ਪੰਜਾਬੀ ਜਾਗਰਣ ਟੀਮ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ, ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਭਿਮਨਿਉ ਰਾਣਾ, ਆਈਪੀਐਸ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਰਣਨੀਤੀ ਅਪਣਾਈ ਜਾ ਰਹੀ ਹੈ। ਇਸ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਲਗਾਤਾਰ ਸਰਚ ਆਪਰੇਸ਼ਨ ਅਤੇ ਰੇਡਾਂ ਕਰਕੇ ਉਨ੍ਹਾਂ ਦੇ ਸਾਥੀਆਂ ਅਤੇ ਹੋਰ ਲਿੰਕਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਉਪਰਾਲਿਆਂ ਦੇ ਨਤੀਜੇ ਵਜੋਂ ਪਿਛਲੇ ਸਮੇਂ ਦੌਰਾਨ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸੀਲਬੰਦ ਪਾਰਸਲਾਂ ’ਚ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ ’ਤੇ ਸੀਨੀਅਰ ਅਧਿਕਾਰੀਆਂ ਵੱਲੋਂ ਇਸਦੀ ਜਾਂਚ ਕੀਤੀ ਜਾਂਦੀ ਹੈ। ਅਦਾਲਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ, ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮਾਲ ਨਸ਼ਟ ਕਰਨਾ ਲਾਜ਼ਮੀ ਹੁੰਦਾ ਹੈ। ਇਸੇ ਲੜੀ ’ਚ ਐਨਡੀਪੀਐਸ ਐਕਟ ਨਾਲ ਸੰਬੰਧਿਤ 38 ਮੁਕੱਦਮਿਆਂ ਦਾ ਮਾਲ ਕਮੇਟੀ ਮੈਂਬਰਾਂ ਦੀ ਹਾਜ਼ਰੀ ’ਚ ਐਗਰੋ ਐਨਰਜੀ ਲਿਮਿਟਿਡ ਪਿੰਡ ਸੇਢਾ ਸਿੰਘ ਵਾਲਾ (ਫ਼ਰੀਦਕੋਟ) ਦੇ ਬੋਇਲਰ ’ਚ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ। ਇਸ ਸਮੂਹ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। ਇਸ ਕਾਰਵਾਈ ਲਈ ਬਣਾਈ ਗਈ ਕਮੇਟੀ ਦੀ ਅਗਵਾਈ ਅਭਿਮਨਿਉ ਰਾਣਾ, ਆਈਪੀਐਸ, ਐਸਐਸਪੀ ਵੱਲੋਂ ਕੀਤੀ ਗਈ, ਜਿਸ ’ਚ ਮਨਮੀਤ ਸਿੰਘ ਢਿੱਲੋਂ ਐਸਪੀ (ਡੀ) ਅਤੇ ਰਸ਼ਪਾਲ ਸਿੰਘ ਡੀਐਸਪੀ (ਡੀ) ਸ਼ਾਮਲ ਸਨ। ਉਨ੍ਹਾਂ ਦੀ ਨਿਗਰਾਨੀ ਹੇਠ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਅੰਜ਼ਾਮ ਦਿੱਤਾ ਗਿਆ। ਇਸ ਮੌਕੇ ਐਸਐਸਪੀ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕੁੱਲ 38 ਐਨਡੀਪੀਐਸ ਕੇਸਾਂ ਦੇ ਮਾਲ ਵਿੱਚੋਂ 1005.300 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 6.126 ਕਿਲੋਗ੍ਰਾਮ ਹੈਰੋਇਨ ਅਤੇ 9330 ਨਸ਼ੀਲੀਆਂ ਗੋਲੀਆਂ ਨੂੰ ਨਸ਼ਟ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।