2027 ਦੀ ਚੋਣਵੀਂ ਜੰਗ ਲਈ ਅਕਾਲੀ ਦਲ ਨੇ ਵਜਾਇਆ ਚੋਣ ਬਿਗਲ 2027 ਦੀ ਚੋਣਵੀਂ ਜੰਗ ਲਈ ਅਕਾਲੀ ਦਲ ਨੇ ਵਜਾਇਆ ਚੋਣ ਬਿਗਲ
Publish Date: Thu, 29 Oct 2026 06:30 PM (IST)
Updated Date: Fri, 30 Oct 2026 04:02 AM (IST)
-ਮੁਕਤਸਰ ਸੀਟ ’ਤੇ ਰੋਜ਼ੀ ਬਰਕੰਦੀ ਨੇ ਠੋਕਿਆ ਦਾਅਵਾ -ਝਿੰਜਰ ਬੋਲੇ-ਅਕਾਲੀ ਸਰਕਾਰ ਬਣਨ ’ਤੇ ਨੌਜਵਾਨਾਂ ਦੀਆਂ ਮੰਗਾਂ ਨੂੰ ਦੇਵਾਂਗੇ ਪਹਿਲ -ਰੋਜ਼ੀ ਬਰਕੰਦੀ ਦਾ ਟੀਚਾ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣਾ ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ ’ਚ ਨੌਜਵਾਨਾਂ ਨੂੰ ਲਾਮਬੰਦ ਕਰਨ ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਮਲੋਟ ਰੋਡ ਸਥਿਤ ਨਾਰਾਇਣਗੜ੍ਹ ਪੈਲੇਸ ’ਚ ਵੀਰਵਾਰ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਮੌਜੂਦਗੀ ’ਚ ਹੋਈ ਮੀਟਿੰਗ ਵਿੱਚ ਵੱਡੀ ਗਿਣਤੀ ’ਚ ਨੌਜਵਾਨ ਅਤੇ ਪਾਰਟੀ ਵਰਕਰ ਜੁੜੇ। ਮੀਟਿੰਗ ’ਚ ਪਾਰਟੀ ਦੀਆਂ ਚੋਣ ਤਿਆਰੀਆਂ, ਨੌਜਵਾਨਾਂ ਦੀ ਭਾਗੀਦਾਰੀ ਅਤੇ ਸੱਤਾ ’ਚ ਵਾਪਸੀ ਦੇ ਟੀਚੇ ਨੂੰ ਲੈ ਕੇ ਆਗੂਆਂ ਨੇ ਵਰਕਰਾਂ ’ਚ ਜੋਸ਼ ਭਰਿਆ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਆਪਣਾ ਟੀਚਾ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ’ਚ ਪਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਹੈ। ਰੋਜ਼ੀ ਬਰਕੰਦੀ ਨੇ ਕਿਹਾ ਕਿ ਮੁਕਤਸਰ ਦਾ ਨੌਜਵਾਨ ਵਰਗ ਹਮੇਸ਼ਾ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ ਤੇ ਸੰਗਠਨ ਨੂੰ ਮਜ਼ਬੂਤ ਕਰਨ ’ਚ ਉਸ ਦੀ ਅਹਿਮ ਭੂਮਿਕਾ ਰਹੀ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੀ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਮਹੱਤਵਪੂਰਨ ਹੋਵੇਗੀ। ਉਨ੍ਹਾਂ ਵਰਕਰਾਂ ਨੂੰ ਹੁਣੇ ਤੋਂ ਹੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀ ਅਪੀਲ ਕੀਤੀ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ’ਚ ਅੱਗੇ ਵਧਣ ਦੇ ਮੌਕੇ ਦੇਣ ਲਈ ਵਿਸ਼ਵ ਪੱਧਰੀ ਖੇਡ ਪ੍ਰੋਗਰਾਮਾਂ ਨੂੰ ਦੁਬਾਰਾ ਸ਼ੁਰੂ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਝਿੰਜਰ ਨੇ ਅਕਾਲੀ ਦਲ ਨੂੰ ਪੰਜਾਬ ਦੀ ਖੇਤਰੀ ਪਾਰਟੀ ਦੱਸਦਿਆਂ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਆਵਾਜ਼ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੌਜਵਾਨਾਂ ਨੂੰ ਰਾਜਨੀਤੀ ’ਚ ਅੱਗੇ ਵਧਣ ਅਤੇ ਅਗਵਾਈ ਕਰਨ ਦੇ ਮੌਕੇ ਪ੍ਰਦਾਨ ਕਰਦਾ ਹੈ। ਮੀਟਿੰਗ ’ਚ ਨੌਜਵਾਨਾਂ ਦੀ ਵੱਡੀ ਭਾਗੀਦਾਰੀ ਨੂੰ ਪਾਰਟੀ ਦੇ ਸੰਗਠਨਾਤਮਕ ਯਤਨਾਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਦੋਵਾਂ ਆਗੂਆਂ ਨੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ। ਮੀਟਿੰਗ ਦਾ ਮੁੱਖ ਜ਼ੋਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਚੋਣ ਮੁਹਿੰਮ ਨਾਲ ਜੋੜਨ ਤੇ ਰਿਹਾ। ਹੁਣ ਦੇਖਣਾ ਹੋਵੇਗਾ ਕਿ ਮੀਟਿੰਗ ’ਚ ਦਿਖਾਈ ਦਿੱਤਾ ਵਰਕਰਾਂ ਦਾ ਉਤਸ਼ਾਹ ਆਉਣ ਵਾਲੀਆਂ ਚੋਣਾਂ ’ਚ ਪਾਰਟੀ ਲਈ ਕਿੰਨੀ ਸਿਆਸੀ ਤਾਕਤ ’ਚ ਬਦਲਦਾ ਹੈ।