ਬਿਜਲੀ ਕੱਟਾਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਧਰਨਾ ਬਿਜਲੀ ਕੱਟਾਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਧਰਨਾ
Publish Date: Mon, 14 Sep 2026 04:39 PM (IST)
Updated Date: Mon, 14 Sep 2026 04:41 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਵਿੱਚ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਮੁਕਤਸਰ ਸਾਹਿਬ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਬਠਿੰਡਾ-ਕੋਟਕਪੂਰਾ ਰੋਡ ਬਾਈਪਾਸ ’ਤੇ ਲਾਇਆ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ’ਚ ਬਿਜਲੀ ਦੇ ਲਗਾਤਾਰ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਮੌਸਮ ’ਚ ਬਿਜਲੀ ਕੱਟਾਂ ਕਾਰਨ ਘਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਵਪਾਰੀਆਂ ਅਤੇ ਹੋਰ ਕਾਰੋਬਾਰੀਆਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਅਕਾਲੀ ਦਲ ਵੱਲੋਂ ਦਲਿਤ ਗੁਲਜ਼ਾਰ ਸਿੰਘ ਨੂੰ ਸਲਫ਼ਾਸ ਪੀਣ ਲਈ ਮਜਬੂਰ ਕਰਨ ਦੇ ਦੋਸ਼ਾਂ ਦਾ ਮੁੱਦਾ ਵੀ ਧਰਨੇ ’ਚ ਚੁੱਕਿਆ ਗਿਆ। ਆਗੂਆਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੋਹਨਜੀਤ ਸ਼ੇਰੋਂ ਨਾਲ ਥਰਡ ਡਿਗਰੀ ਤਸ਼ੱਦਦ ਕਰਨ ਦੇ ਦੋਸ਼ਾਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਗਿਆ। ਆਗੂਆਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਜ਼ਿਆਦਤੀ ਨਹੀਂ ਹੋਣੀ ਚਾਹੀਦੀ ਅਤੇ ਅਜਿਹੇ ਮਾਮਲਿਆਂ ’ਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਵੱਲੋਂ 5 ਕਰੋੜ ਰੁਪਏ ਲੈ ਕੇ ਬਲਾਤਕਾਰ ਦੇ ਦੋਸ਼ੀ ਨੂੰ ਵਿਦੇਸ਼ ਭਜਾਉਣ ਦੇ ਲਾਏ ਜਾ ਰਹੇ ਦੋਸ਼ਾਂ ਦਾ ਮਾਮਲਾ ਵੀ ਚੁੱਕਿਆ ਗਿਆ। ਅਕਾਲੀ ਦਲ ਦੇ ਆਗੂਆਂ ਨੇ ਇਸ ਮਾਮਲੇ ਦੀ ਵੀ ਨਿਰਪੱਖ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਅਜਿਹੇ ਦੋਸ਼ ਲੱਗ ਰਹੇ ਹਨ ਤਾਂ ਸਰਕਾਰ ਨੂੰ ਇਸ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ’ਚ ਵੱਡੀ ਗਿਣਤੀ ’ਚ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਲਈ ਹਮੇਸ਼ਾ ਡਟ ਕੇ ਸੰਘਰਸ਼ ਕਰਦਾ ਆਇਆ ਹੈ ਅਤੇ ਅੱਗੇ ਵੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਬਿਜਲੀ, ਲੋਕਾਂ ਦੀ ਸੁਰੱਖਿਆ, ਇਨਸਾਫ਼ ਅਤੇ ਹੋਰ ਜਨਤਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਜਵਾਬਦੇਹ ਬਣਾਉਣਾ ਜ਼ਰੂਰੀ ਹੈ। ਅਕਾਲੀ ਦਲ ਨੇ ਕਿਹਾ ਕਿ ਜਦੋਂ ਤੱਕ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਪਾਰਟੀ ਵੱਲੋਂ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ, ਸਾਬਕਾ ਨਗਰ ਕੌਂਸਲ ਪ੍ਰਧਾਨ ਹਰਪਾਲ ਸਿੰਘ ਬੇਦੀ, ਜਥੇਦਾਰ ਹੀਰਾ ਸਿੰਘ ਚੜੇਵਾਨ, ਅਕਾਲੀ ਆਗੂ ਪੱਪੀ ਥਾਂਦੇਵਾਲਾ, ਬਿੰਦਰ ਗੋਨਿਆਣਾ ਤੋਂ ਇਲਾਵਾ ਸ਼ਹਿਰ ਅਤੇ ਪਿੰਡਾਂ ਤੋਂ ਵੱਡੀ ਗਿਣਤੀ ’ਚ ਆਗੂ ਅਤੇ ਵਰਕਰ ਮੌਜੂਦ ਸਨ।