ਅਕਾਲੀ ਦਲ ‘ਵਾਰਿਸ ਪੰਜਾਬ’ ਵੱਲੋਂ ‘ਆਪ’ ਮੰਤਰੀਆਂ ਦਾ ਵਿਰੋਧ ਅਕਾਲੀ ਦਲ ‘ਵਾਰਿਸ ਪੰਜਾਬ’ ਵੱਲੋਂ ‘ਆਪ’ ਮੰਤਰੀਆਂ ਦਾ ਵਿਰੋਧ
Publish Date: Fri, 11 Sep 2026 05:06 PM (IST)
Updated Date: Fri, 11 Sep 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਪੰਜਾਬ ’ਚ ਸਿਆਸੀ ਪਾਰਾ ਲਗਾਤਾਰ ਚੜ੍ਹਦਾ ਜਾ ਰਿਹਾ ਹੈ। ਅਕਾਲੀ ਦਲ (ਵਾਰਿਸ ਪੰਜਾਬ) ਨੇ ਪੰਜਾਬ ਸਰਕਾਰ ਦੇ ਮੰਤਰੀਆਂ ਵਿਰੁੱਧ ਮੋਰਚਾ ਖੋਲ੍ਹਦਿਆਂ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੇ ਭਗਵੰਤ ਮਾਨ ਸਰਕਾਰ ’ਤੇ ਤਾਨਾਸ਼ਾਹੀ ਦੇ ਗੰਭੀਰ ਦੋਸ਼ ਲਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਾਰਟੀ ਦੇ ਬੁਲਾਰੇ ਤਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ਨੇ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ, ਪਰ ਪੁਲਿਸ ਨੇ ਉਨ੍ਹਾਂ ਨੂੰ ਸੁਸਾਇਟੀ ਦੇ ਬਾਹਰ ਹੀ ਰੋਕ ਲਿਆ। ਜਾਣਕਾਰੀ ਮੁਤਾਬਕ ਮੰਤਰੀ ਉਸ ਵੇਲੇ ਉੱਥੇ ਮੌਜੂਦ ਨਹੀਂ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਬੁਲਾਰੇ ਤਜਿੰਦਰ ਸਿੰਘ ਢਿੱਲੋਂ ਨੇ ਆਪ ਸਰਕਾਰ ਦੇ ਮੰਤਰੀਆਂ ਨੂੰ ਦਿੱਲੀ ਦੇ ਹੱਥਾਂ ਦੀ ਕੱਠਪੁਤਲੀ ਅਤੇ ‘ਤਾਨਾਸ਼ਾਹ’ ਕਰਾਰ ਦਿੱਤਾ। ਢਿੱਲੋਂ ਨੇ ਦੋਸ਼ ਲਾਇਆ ਕਿ ਕਾਲੀ ਝੰਡੀ ਦਿਖਾਉਣ ਵਾਲੇ ਇੱਕ ਸਿੱਖ ਨੌਜਵਾਨ ’ਤੇ ਮੰਤਰੀ ਅਮਨ ਅਰੋੜਾ ਦੇ ਇਸ਼ਾਰੇ ’ਤੇ ਬੇਰਹਿਮੀ ਨਾਲ ਤਸ਼ੱਦਦ ਕੀਤਾ ਗਿਆ, ਉਸਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਜ਼ਖ਼ਮਾਂ ’ਤੇ ਲੂਣ ਪਾਇਆ ਗਿਆ। ਉਨ੍ਹਾਂ ਇਸ ਘਟਨਾ ਦੀ ਤੁਲਨਾ 1984 ਦੇ ਅੱਤਿਆਚਾਰਾਂ ਅਤੇ ਅਹਿਮਦ ਸ਼ਾਹ ਅਬਦਾਲੀ ਦੇ ਹਮਲਿਆਂ ਨਾਲ ਕੀਤੀ। ਮੰਤਰੀ ਹਰਪਾਲ ਚੀਮਾ ’ਤੇ ਸ਼ਬਦੀ ਹਮਲਾ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਜਦੋਂ ਇੱਕ ਪਿਤਾ ਨੇ ਨਸ਼ਿਆਂ (ਚਿੱਟੇ) ਬਾਰੇ ਸਵਾਲ ਪੁੱਛਿਆ, ਤਾਂ ਮੰਤਰੀ ਦੇ ਇਸ਼ਾਰੇ ’ਤੇ ਪਾਰਟੀ ਵਰਕਰਾਂ ਅਤੇ ਸਰਪੰਚ ਵੱਲੋਂ ਉਸ ਦੇ ਪੁੱਤਰ ਨੂੰ ਇੰਨਾ ਜ਼ਲੀਲ ਕੀਤਾ ਗਿਆ ਕਿ ਉਸਨੂੰ ਆਪਣੀ ਜਾਨ ਗਵਾਉਣੀ ਪਈ। ਤਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਬਦਲਾਅ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਅੱਜ ਲੋਕਾਂ ਦੇ ਸਵਾਲਾਂ ਤੋਂ ਭੱਜ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ (ਵਾਰਿਸ ਪੰਜਾਬ) ਵੱਲੋਂ ‘ਆਪ’ ਮੰਤਰੀਆਂ ਵਿਰੁੱਧ ਇਹ ਵਿਰੋਧ ਪ੍ਰਦਰਸ਼ਨ ਅਤੇ ਮੁਹਿੰਮ ਪੂਰੇ ਪੰਜਾਬ ’ਚ ਲਗਾਤਾਰ ਜਾਰੀ ਰਹੇਗੀ।