ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ : ਡੀਸੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਨਗਰ ਪਾਲਿਕਾ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Publish Date: Mon, 25 May 2026 03:55 PM (IST)
Updated Date: Mon, 25 May 2026 05:34 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਨਗਰ ਪਾਲਿਕਾ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੋਲਿੰਗ ਪਾਰਟੀਆਂ ਦੀ ਰਵਾਨਾਗੀ ਦਾ ਜਾਇਜਾ ਲੈਂਦਿਆਂ ਦਿੱਤੀ। ਉਨ੍ਹਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਇਨ੍ਹਾਂ ਚੋਣਾਂ ਲਈ 187 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਲਈ 85 ਪੋਲਿੰਗ ਬੂਥ, ਗਿੱਦੜਬਾਹਾ ਦੇ 19 ਵਾਰਡਾਂ ਲਈ 41 ਪੋਲਿੰਗ ਬੂਥ ਅਤੇ ਮਲੋਟ ਦੇ 27 ਵਾਰਡਾਂ ਲਈ 61 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ’ਚ 177586 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ’ਚੋਂ 93100 ਪੁਰਸ਼, 84476 ਔਰਤਾਂ ਅਤੇ 10 ਟਰਾਂਸਜੈਂਡਰ ਸ਼ਾਮਿਲ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਕਰਨ ਅਤੇ ਜਿੰਮੇਵਾਰ ਨਾਗਰਿਕ ਬਨਣ। ਅਭਿਮਨਿਊ ਰਾਣਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਪੰਜਾਬ ਪੁਲਿਸ ਵੱਲੋਂ ਤਕਰੀਬਨ 1500 ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਤੈਨਾਤ ਕੀਤਾ ਗਿਆ ਹੈ। ਇਸ ਦੌਰਾਨ ਸਿਟੀ ਸੀਲਿੰਗ, ਪੈਟਰੋਲਿੰਗ ਪਾਰਟੀਆਂ, ਨਾਕਾਬੰਦੀ, ਨਾਈਟ ਗਸ਼ਤ, ਇੰਟਰਸਟੇਟ ਨਾਕੇ ਅਤੇ ਇੰਟਰ ਡਿਸਟਰਿਕਟ ਪੁਆਇੰਟਾਂ ’ਤੇ ਪੁਲਿਸ ਫੋਰਸ ਮੁਸਤੈਦ ਕੀਤੀ ਗਈ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸਤੋਂ ਇਲਾਵਾ ਤਿੰਨਾਂ ਸਬ ਡਿਵੀਜ਼ਨਾਂ ਦੇ ਬੂਥਾਂ ’ਤੇ ਵੀ ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ।