ਬਿਸਮਾਦ ਵੈਲਫੇਅਰ ਸੁਸਾਇਟੀ’ਦੇ ਸਮਾਗਮ ’ਚ 40 ਗ੍ਰੰਥੀ ਸਿੰਘ ਸਨਮਾਨੇ
ਬਿਸਮਾਦ ਵੈਲਫੇਅਰ ਸੁਸਾਇਟੀ’ਵੱਲੋਂ ਕਰਵਾਇਆ ਸਨਮਾਨ ਸਮਾਗਮ
Publish Date: Mon, 23 Mar 2026 04:22 PM (IST)
Updated Date: Mon, 23 Mar 2026 04:25 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ‘ਬਿਸਮਾਦ ਵੈਲਫੇਅਰ ਸੁਸਾਇਟੀ’ ਵੱਲੋਂ ਬਾਬਾ ਬੁੱਢਾ ਜੀ ਸਨਮਾਨ ਸਮਾਗਮ ਦੌਰਾਨ 40 ਗ੍ਰੰਥੀ ਸਿੰਘਾਂ ਦਾ ਸਨਮਾਨ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਮਨਧੀਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦਾ ਮਕਸਦ ਸਿੱਖ ਧਰਮ ਵਿੱਚ ਅਹਿਮ ਯੋਗਦਾਨ ਪਾਉਣ ਅਤੇ ਗੁਰਬਾਣੀ ਨੂੰ ਆਮ ਲੋਕਾਂ ਤੱਕ ਲੈ ਕੇ ਜਾਣ ਵਾਲੇ ਗ੍ਰੰਥੀ ਸਿੰਘਾਂ ਨੂੰ ਸਨਮਾਨਿਤ ਕਰਨ ਦੇ ਨਾਲ ਇਸ ਬਾਰੇ ਚਰਚਾ ਕਰਨਾ ਹੈ ਤਾਂ ਜੋ ਗ੍ਰੰਥੀ ਸਿੰਘਾਂ ਦੀਆਂ ਲੋੜਾਂ ਅਤੇ ਜਿੰਮੇਵਾਰੀਆਂ ਨੂੰ ਸਮਝਿਆ ਜਾ ਸਕੇ। ਇਹ ਸਮਾਗਮ ਇਥੇ ਗੁਰੂ ਅੰਗਦ ਨਗਰ ਦੇ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਵਿਖੇ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨਰਿੰਦਰਪਾਲ ਸਿੰਘ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਬੀਰ ਸਿੰਘ ਨੇ ਗ੍ਰੰਥੀ ਸਿੰਘਾਂ ਦੀ ਬੇਮਿਸਾਲ ਅਤੇ ਅਟੁੱਟ ਸੇਵਾ ਬਾਰੇ ਜਾਣਕਾਰੀ ਦਿੱਤੀ ਅਤੇ ਸਿੱਖ ਕੌਮ ਵਿੱਚ ਇਨ੍ਹਾਂ ਦੇ ਯੋਗਦਾਨ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਵਜ਼ੀਰਾਂ ਦਾ ਸਨਮਾਨ ਬਹੁਤ ਜ਼ਰੂਰੀ ਹੈ। ਕਿਉਂਕਿ ਉਨ੍ਹਾਂ ਵੱਲੋਂ ਸਾਨੂੰ ਸ਼ਬਦ ਗੁਰਬਾਣੀ ਨਾਲ ਜੋੜਿਆ ਜਾਂਦਾ ਹੈ। ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਵੀ ਵਿਚਾਰਨਾ ਚਾਹੀਦਾ ਹੈ। ਉਹਨਾਂ ਦੀ ਆਰਥਿਕ ਸਥਿਤੀ ਨੂੰ ਵੀ ਸਮਝਣਾ ਚਾਹੀਦਾ ਹੈ ਅਤੇ ਮਦਦ ਕਰਨ ਦੀ ਲੋੜ ਹੈ। ਇਸ ਮੌਕੇ ਇੱਕ ਗੁਰਮੁਖੀ ਨਾਨਕਸ਼ਾਹੀ ਕੈਲੰਡਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਅਤੇ ਵੈਲਫੇਅਰ ਸੋਸਾਇਟੀ ਦੇ ਅਹੁਦੇਦਾਰ ਮੌਜੂਦ ਸਨ। ਇਸ ਮੌਕੇ ਸੁਰਿੰਦਰ ਸਿੰਘ ਵੱਲੋਂ ਸਮੂਹ ਗ੍ਰੰਥੀ ਸਿੰਘਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੁੱਖ ਸੇਵਾਦਾਰ ਹਰਨੇਕ ਸਿੰਘ, ਮਲਕੀਤ ਸਿੰਘ, ਪਰਮਪਾਲ ਸਿੰਘ, ਹਰਜੀਤ ਸਿੰਘ, ਸੁਰਿੰਦਰ ਸਿੰਘ, ਪਿੰਦਰਪਾਲ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਵੱਧ ਤੋਂ ਵੱਧ ਗ੍ਰੰਥੀ ਸਿੰਘਾਂ ਨੂੰ ਇਸ ਸੁਸਾਇਟੀ ਨਾਲ ਜੋੜਿਆ ਜਾਵੇ ਤਾਂ ਜੋ ਸਾਰਿਆਂ ਦੀ ਇਕੱਤਰਤਾ ਹੋ ਸਕੇ ਅਤੇ ਆਉਣ ਵਾਲੇ ਸਮੇਂ ਵਿੱਚ ਛੇ ਮਹੀਨਿਆਂ ਬਾਅਦ ਇਸ ਜਗ੍ਹਾ ਤੇ ਵੱਡਾ ਸਮਾਗਮ ਕਰਵਾਇਆ ਜਾਵੇਗਾ।