ਵਿਜ਼ਡਮ ਸਕੂਲ ’ਚ ਪੜ੍ਹਾਇਆ ਟ੍ਰੈਫਿਕ ਨਿਯਮਾਂ ਦਾ ਪਾਠ
ਵਿਜ਼ਡਮ ਵਰਲਡ ਸਕੂਲ ’ਚ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਤੋਂ ਬਚਾਅ ਸੰਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ
Publish Date: Fri, 23 Jan 2026 04:55 PM (IST)
Updated Date: Fri, 23 Jan 2026 04:57 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਵਿਜ਼ਡਮ ਵਰਲਡ ਸਕੂਲ ’ਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ, ਕਾਨੂੰਨੀ ਨਿਯਮਾਂ ਅਤੇ ਨਸ਼ਿਆਂ ਦੇ ਭਿਆਨਕ ਪ੍ਰਭਾਵਾਂ ਬਾਰੇ ਸਚੇਤ ਕਰਨਾ ਸੀ। ਸੈਮੀਨਾਰ ਦੇ ਮੁੱਖ ਵਕਤਾ ਹਰਮਿੰਦਰ ਸਿੰਘ ਏਐਸਆਈ (ਪੰਜਾਬ ਪੁਲਿਸ) ਰਹੇ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ, ਸਪੀਡ ਲਿਮਿਟ ਦੀ ਪਾਲਣਾ, ਨਾਬਾਲਗ ਅਵਸਥਾ ’ਚ ਵਾਹਨ ਨਾ ਚਲਾਉਣਾ ਅਤੇ ਟ੍ਰੈਫਿਕ ਸੰਕੇਤਾਂ ਦੀ ਪਾਲਣਾ ਕਰਨਾ ਕਿਵੇਂ ਜ਼ਿੰਦਗੀ ਨੂੰ ਸੁਰੱਖਿਅਤ ਬਣਾਉਂਦਾ ਹੈ। ਉਨ੍ਹਾਂ ਨੇ ਅਸਲ ਜ਼ਿੰਦਗੀ ਦੀਆਂ ਉਦਾਹਰਨਾਂ ਰਾਹੀਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਥੋੜ੍ਹੀ ਜਿਹੀ ਲਾਪਰਵਾਹੀ ਕਿਵੇਂ ਵੱਡੇ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ। ਇਸਤੋਂ ਇਲਾਵਾ ਹਰਮਿੰਦਰ ਸਿੰਘ ਨੇ ਨਸ਼ਿਆਂ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਸਿਰਫ਼ ਵਿਅਕਤੀ ਦੇ ਭਵਿੱਖ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਖੇਡਾਂ ਅਤੇ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ। ਇਹ ਸਾਰਾ ਸੈਮੀਨਾਰ ਸਕੂਲ ਦੇ ਮਾਨਯੋਗ ਜਸਵਿੰਦਰ ਸਿੰਘ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੀ ਵਾਈਸ ਪ੍ਰਿੰਸੀਪਲ ਸੋਨੀਆ ਮੈਡਮ ਅਤੇ ਕੋਆਰਡੀਨੇਟਰ ਪੂਨਮ ਸ਼ਰਮਾ ਮੈਡਮ ਦੀ ਮਹੱਤਵਪੂਰਨ ਭੂਮਿਕਾ ਰਹੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਜ਼ਿੰਮੇਵਾਰ ਨਾਗਰਿਕ ਬਣਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੀ ਸਫਲਤਾ ਵਿੱਚ ਸਕੂਲ ਦੇ ਸਮੂਹ ਅਧਿਆਪਕ ਵਰਗ ਅਤੇ ਸਟਾਫ ਦਾ ਵੀ ਵੱਡਾ ਯੋਗਦਾਨ ਰਿਹਾ, ਜਿਨ੍ਹਾਂ ਨੇ ਪ੍ਰੋਗਰਾਮ ਦੀ ਵਿਵਸਥਾ ਅਤੇ ਸੁਚਾਰੂ ਸੰਚਾਲਨ ’ਚ ਪੂਰਾ ਸਹਿਯੋਗ ਦਿੱਤਾ। ਸੈਮੀਨਾਰ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਨਸ਼ਿਆਂ ਤੋਂ ਸਦਾ ਦੂਰ ਰਹਿਣ ਦਾ ਸੰਕਲਪ ਲਿਆ। ਇਹ ਸੈਮੀਨਾਰ ਵਿਦਿਆਰਥੀਆਂ ਲਈ ਨਾ ਸਿਰਫ਼ ਜਾਣਕਾਰੀਪੂਰਕ ਸਾਬਤ ਹੋਇਆ, ਸਗੋਂ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਅਤੇ ਸੁਚੇਤ ਨਾਗਰਿਕ ਬਣਨ ਦੀ ਪ੍ਰੇਰਣਾ ਵੀ ਦੇ ਗਿਆ।