5-ਡੇ ਬੈਂਕਿੰਗ ਦੀ ਮੰਗ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ
5-ਡੇ ਬੈਂਕਿੰਗ ਦੀ ਮੰਗ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ
Publish Date: Tue, 27 Jan 2026 03:29 PM (IST)
Updated Date: Tue, 27 Jan 2026 03:31 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਕੇਂਦਰ ਸਰਕਾਰ ਅਤੇ ਆਈਬੀਏ (ਇੰਡੀਅਨ ਬੈਂਕਸ ਅਸੋਸੀਏਸ਼ਨ) ਵੱਲੋਂ ਲੰਬੇ ਸਮੇਂ ਤੋਂ ਸਹਿਮਤ ਹੋਣ ਦੇ ਬਾਵਜੂਦ ਅਜੇ ਤੱਕ ਲਾਗੂ ਨਾ ਕੀਤੀ ਗਈ 5-ਡੇ ਬੈਂਕਿੰਗ ਪ੍ਰਣਾਲੀ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ਦੇ ਬੈਂਕ ਮੁਲਾਜ਼ਮ ਹੜਤਾਲ ’ਤੇ ਹਨ। ਸਰਕਾਰੀ, ਨਿੱਜੀ, ਰਾਸ਼ਟਰੀਕ੍ਰਿਤ ਅਤੇ ਖੇਤਰੀ ਗ੍ਰਾਮੀਣ ਬੈਂਕਾਂ ਦੇ ਵੱਡੀ ਗਿਣਤੀ ’ਚ ਮੁਲਾਜ਼ਮਾਂ ਨੇ ਇਸ ਅੰਦੋਲਨ ਵਿੱਚ ਹਿੱਸਾ ਲਿਆ। ਇਸ ਮੌਕੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਵੱਡੀ ਗਿਣਤੀ ’ਚ ਬੈਂਕ ਕਰਮਚਾਰੀਆਂ ਵੱਲੋਂ ਗੁਰਵਿੰਦਰ ਸਿੰਘ ਕਨਵੀਨਰ ਯੂਐਫਬੀਯੂ ਪੰਜਾਬ ਨੈਸ਼ਨਲ ਬੈਂਕ ਦੀ ਅਗਵਾਈ ’ਚ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਭਾਰਤੀ ਸਟੇਟ ਬੈਂਕ ਦੀ ਮੁੱਖ ਬਰਾਂਚ ਮਲੋਟ ਰੋਡ ਤੋਂ ਸ਼ੁਰੂ ਹੋ ਕੇ ਬਠਿੰਡਾ ਰੋਡ ਹੁੰਦੇ ਹੋਏ ਕੋਟਕਪੂਰਾ ਚੌਂਕ ’ਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਨੈਸ਼ਨਲ ਬੈਂਕ ਮਸੀਤ ਵਾਲਾ ਚੌਂਕ ਵਿਖੇ ਸਮਾਪਤੀ ਕੀਤੀ ਗਈ। ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਅਤੇ ਆਈਬੀਏ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਜੋਂ ਸੰਬੋਧਨ ਕਰਦੇ ਹੋਏ ਆਗੂਆਂ ਕਿਹਾ ਕਿ 12ਵਾਂ ਦੋ ਪੱਖੀ ਸਮਝੌਤਾ ਦਸਤਖ਼ਤ ਕਰਨ ਸਮੇਂ ਆਈ ਬੀ ਏ ਵੱਲੋਂ 5-ਡੇ ਬੈਂਕਿੰਗ ਦੀ ਮੰਗ ’ਤੇ ਸਪਸ਼ਟ ਸਹਿਮਤੀ ਦਿੱਤੀ ਗਈ ਸੀ, ਪਰ ਹੁਣ ਇਸਨੂੰ ਲਾਗੂ ਕਰਨ ਵਿੱਚ ਜਾਣ-ਬੁੱਝ ਕੇ ਟਾਲਮਟੋਲ ਕੀਤੀ ਜਾ ਰਹੀ ਹੈ। ਅੰਤ ਵਿੱਚ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਅਤੇ ਆਈ ਬੀ ਏ ਨੇ ਤੁਰੰਤ 5-ਡੇ ਬੈਂਕਿੰਗ ਪ੍ਰਣਾਲੀ ਨੂੰ ਲਾਗੂ ਨਾ ਕੀਤਾ ਤਾਂ ਬੈਂਕ ਮੁਲਾਜ਼ਮ ਆਪਣਾ ਅੰਦੋਲਨ ਹੋਰ ਤੇਜ਼ ਅਤੇ ਵਿਸ਼ਾਲ ਕਰਨ ਲਈ ਮਜਬੂਰ ਹੋਣਗੇ।