- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੀਸੀਐੱਸ ਮੇਨਜ਼ ਪ੍ਰੀਖਿਆ ’ਚ ਧਾਂਦਲੀ ਤੇ ਬੇਨਿਯਮੀਆਂ ਖ਼ਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵੱਲੋਂ ਕਰਵਾਈ ਗਈ ਪੀਸੀਐੱਸ ਮੇਨਜ਼ ਪ੍ਰੀਖਿਆ ’ਚ ਕਥਿਤ ਧਾਂਦਲੀ, ਹੇਰਾਫੇਰੀ ਅਤੇ ਬੇਨਿਯਮੀਆਂ ਦੇ ਗੰਭੀਰ ਦੋਸ਼ਾਂ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪੀਪੀਐੱਸਸੀ ਦੇ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਮੌਕੇ ਭਾਜਪਾ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਅਤੇ ਪੀਸੀਐੱਸ ਮੇਨਜ਼ ਪ੍ਰੀਖਿਆ ’ਚ ਸਾਹਮਣੇ ਆਏ ਕਥਿਤ ਘਪਲੇ ਅਤੇ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਅਜਿਹੀਆਂ ਪ੍ਰੀਖਿਆਵਾਂ ’ਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਜਾਂ ਹੇਰਾਫੇਰੀ ਉਨ੍ਹਾਂ ਦੇ ਭਵਿੱਖ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨਾਲ ਖਿਲਵਾੜ ਹੈ। ਪੰਜਾਬ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਭਾਜਪਾ ਪੰਜਾਬ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ਼ ਨਹੀਂ ਮਿਲਦਾ, ਪਾਰਟੀ ਉਨ੍ਹਾਂ ਦੀ ਆਵਾਜ਼ ਬਣ ਕੇ ਸੰਘਰਸ਼ ਜਾਰੀ ਰੱਖੇਗੀ।