ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਢਾਹੀ
ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਬੁਲਡੋਜ਼ਰ
Publish Date: Thu, 18 Jun 2026 03:44 PM (IST)
Updated Date: Thu, 18 Jun 2026 03:45 PM (IST)

- ਜ਼ਿਲ੍ਹੇ ’ਚ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ - ਨਸਾ ਵੇਚ ਕੇ ਜਾਇਦਾਦ ਬਣਾਉਣ ਵਾਲਿਆਂ ਦੀ ਜਾਇਦਾਦ ਹੋਵੇਗੀ ਅਟੈਚ : ਐੱਸਪੀ (ਡੀ) ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਮਲੋਟ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਮਲੋਟ ਅਧੀਨ ਪੈਂਦੇ ਪਿੰਡ ਅਬੁਲ ਖਰਾਣਾ ’ਚ ਸ਼ਵਿੰਦਰ ਸਿੰਘ ਉਰਫ ਕਿੰਦੂ ਪੁੱਤਰ ਜਰਨੈਲ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਮਾਰਤ ਢਾਹੁਣ ਲਈ ਹਦਾਇਤਾਂ ਪ੍ਰਾਪਤ ਕੀਤੀਆਂ ਗਈਆਂ ਸਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਤੋਂ ਸਹਿਯੋਗ ਲਿਆ ਗਿਆ। ਉਨ੍ਹਾਂ ਕਿਹਾ ਕਿ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਅੱਜ ਇਸ ਗੈਰ ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ। ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐੱਸਪੀ (ਡੀ) ਨੇ ਦੱਸਿਆ ਕਿ ਸ਼ਵਿੰਦਰ ਸਿੰਘ ਉਰਫ ਕਿੰਦੂ ਪੁੱਤਰ ਜਰਨੈਲ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਿਤ 05 ਮੁਕੱਦਮੇ ਦਰਜ ਹਨ। ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਅਭਿਮੰਨਿਊ ਰਾਣਾ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ, ਉਸ ਦੀ ਜਾਇਦਾਦ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਰਾਹੀਂ ਅਟੈਚ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਨਿਡਰ ਹੋ ਕੇ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਰਸਪਾਲ ਸਿੰਘ ਡੀਐੱਸਪੀ ਡੀ, ਜਸਪਾਲ ਸਿੰਘ ਡੀਐੱਸਪੀ ਮਲੋਟ, ਪ੍ਰਦੀਪ ਸਿੰਘ ਡੀਐੱਸਪੀ ਐੱਨਡੀਪੀਐੱਸ ਇੰਸਪੈਕਟਰ ਵਰੁਣ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ, ਬੀਡੀਪੀਓ ਮਲੋਟ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।