ਨਸ਼ਾ ਤਸਕਰੀ ਨਾਲ ਸਬੰਧਿਤ ਗੈਰ-ਕਾਨੂੰਨੀ ਇਮਾਰਤ ’ਤੇ ਚੱਲਿਆ ਬੁਲਡੋਜ਼ਰ ਨਸ਼ਾ ਤਸਕਰੀ ਨਾਲ ਸਬੰਧਿਤ ਗੈਰ-ਕਾਨੂੰਨੀ ਇਮਾਰਤ ’ਤੇ ਚੱਲਿਆ ਬੁਲਡੋਜ਼ਰ
Publish Date: Sun, 18 Oct 2026 04:11 PM (IST)
Updated Date: Sun, 18 Oct 2026 04:12 PM (IST)
ਭੰਵਰਾ/ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਆਦਰਸ਼ ਨਗਰ, ਕੱਚੀ ਮੁਸਲਿਮ ਕਬਰਿਸਤਾਨ ਵਿਖੇ ਨਸ਼ਾ ਤਸਕਰੀ ਨਾਲ ਸਬੰਧਿਤ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇੱਕ ਇਮਾਰਤ ਨੂੰ ਢਾਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਆਦਰਸ਼ ਨਗਰ, ਕੱਚੀ ਮੁਸਲਿਮ ਕਬਰਿਸਤਾਨ ਵਿਖੇ ਸ਼ਾਲੂ ਕੁਮਾਰ ਪੁੱਤਰ ਸ੍ਰੀ ਦੀਸ਼ਾ ਨਾਲ ਸਬੰਧਿਤ ਇਮਾਰਤ ਨੂੰ ਸਮਰੱਥ ਅਥਾਰਟੀ ਦੇ ਹੁਕਮਾਂ ਅਨੁਸਾਰ ਢਾਹਿਆ ਗਿਆ। ਇਸ ਕਾਰਵਾਈ ਨੂੰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਕਾਰਜਸਾਧਕ ਅਫ਼ਸਰ ਵੱਲੋਂ ਅਮਲ ਵਿੱਚ ਲਿਆਂਦਾ ਗਿਆ। ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਗਿਆ ਅਤੇ ਸਾਰੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਕੀਤੀ ਗਈ। ਇਸ ਮੌਕੇ ਮਹੇਸ਼ ਸਿੰਘ ਸੈਣੀ ਐਸਪੀ (ਆਪਰੇਸ਼ਨ) ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਐਨਡੀਪੀਐਸ ਐਕਟ ਤਹਿਤ ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚ ਮੁਕੱਦਮਾ ਨੰਬਰ 221 ਮਿਤੀ 16.11.2025, ਧਾਰਾ 21-ਏ ਐਨਡੀਪੀਐਸ ਐਕਟ ਅਤੇ ਮੁਕੱਦਮਾ ਨੰਬਰ 34 ਮਿਤੀ 09.02.2026, ਧਾਰਾ 21-ਏ ਐਨ.ਡੀ.ਪੀ.ਐਸ. ਐਕਟ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਭਿਮੰਨਿਊ ਰਾਣਾ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਦੇ ਹੁਕਮਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਵਿਆਪਕ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਧੰਦੇ ਰਾਹੀਂ ਬਣਾਈ ਗਈ ਜਾਇਦਾਦ ਸਬੰਧੀ ਕਾਨੂੰਨ ਅਨੁਸਾਰ ਸਮਰੱਥ ਅਥਾਰਟੀ ਕੋਲ ਕਾਰਵਾਈ ਲਈ ਮਾਮਲਾ ਭੇਜਿਆ ਜਾਵੇਗਾ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਬੇਝਿਜਕ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਐਸਪੀ ਬਚਨ ਸਿੰਘ, ਇੰਸਪੈਕਟਰ ਰਵਿੰਦਰ ਕੌਰ, ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਨਾਇਬ ਤਹਿਸੀਲਦਾਰ ਬਲਜੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਅਤੇ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਅਧਿਕਾਰੀ ਅਤੇ ਹੋਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।