ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਕੋਵਿਡ-19 ਦੀ ਦੂਜੀ ਖਤਰਨਾਕ ਲਹਿਰ ਦੇ ਮੱਦੇਨਜ਼ਰ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੂਬੇ ਦੀਆਂ ਜੇਲ੍ਹਾਂ 'ਚ ਕੋਵਿਡ ਪ੍ਰਰੋਟੋਕੋਲ ਦੀ ਪਾਲਣਾ ਦੇ ਨਾਲ ਸਾਰੇ ਇਹਤਿਆਤ ਅਤੇ ਸੁਰੱਖਿਆ ਇੰਤਜ਼ਾਮ ਪੁਖਤਾ ਕਰਨ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਸ਼ੁੱਕਰਵਾਰ ਨੂੰ ਕੋਵਿਡ ਦੀ ਦੂਜੀ ਲਹਿਰ ਸਬੰਧੀ ਜੇਲ੍ਹ ਵਿਭਾਗ ਦੀਆਂ ਤਿਆਰੀਆਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਮਾਡਰਨ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਸੂਬੇ ਦੀਆਂ ਸਾਰੀਆਂ ਜੇਲ੍ਹਾਂ 'ਚ ਕੈਦੀਆਂ ਲਈ ਟੀਕਾਕਰਨ, ਮਾਸਕ ਅਤੇ ਸੈਨੀਟਾਈਜੇਸ਼ਨ ਦੀ ਸਹੂਲਤ ਦੇ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਡਾਕਟਰੀ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕੁੱਲ 25 ਜੇਲ੍ਹਾਂ 'ਚ ਇਸ ਵੇਲੇ 23502 ਬੰਦੀ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੋਵਿਡ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ ਲੈ ਕੇ ਹੁਣ ਤਕ ਜੇਲ੍ਹ ਵਿਭਾਗ ਵੱਲੋਂ 60,000 ਟੈਸਟ ਕਰਵਾਏ ਗਏ ਹਨ ਜਿਨ੍ਹਾਂ 'ਚੋਂ 3294 ਕੈਦੀ ਪਾਜ਼ੇਟਿਵ ਪਾਏ ਜਾ ਚੁੱਕੇ ਹਨ। ਇਨ੍ਹਾਂ 'ਚੋਂ ਮੌਜੂਦਾ ਸਮੇਂ ਜੇਲ੍ਹਾਂ 'ਚ ਬੰਦ ਕੈਦੀ 650 ਹਨ ਜਿਹੜੇ ਕੋਵਿਡ ਪਾਜ਼ੇਟਿਵ ਹਨ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਉਪਰ ਵਾਲੇ 5813 ਕੈਦੀਆਂ ਦਾ ਟੀਕਾਕਰਨ ਹੋ ਚੁੱਕਿਆ ਹੈ ਜਿਨ੍ਹਾਂ 'ਚੋਂ 5353 ਪੁੁਰਸ਼ ਤੇ 460 ਮਹਿਲਾ ਕੈਦੀ ਸ਼ਾਮਲ ਹਨ। ਇਸ ਦੇ ਨਾਲ ਹੀ 2408 ਜੇਲ੍ਹ ਕਰਮੀਆਂ ਦਾ ਵੀ ਟੀਕਾਕਰਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੈਦੀਆਂ ਲਈ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਨੂੰ ਵੱਡੀਆਂ ਜੇਲ੍ਹਾਂ ਲਈ 50-50 ਅਤੇ ਛੋਟੀਆਂ ਜੇਲ੍ਹਾਂ ਲਈ 15-15 ਅੌਕਸੀਮੀਟਰਾਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਵੱਲੋਂ ਕੋਵਿਡ ਨੂੰ ਦੇਖਦਿਆਂ ਚਾਰ ਜੇਲ੍ਹਾਂ ਨੂੰ ਕੋਵਿਡ ਪਾਜ਼ੇਟਿਵ ਕੈਦੀਆਂ ਲਈ ਰਾਖਵਾਂ ਰੱਖਿਆ ਗਿਆ ਹੈ ਜਿਨ੍ਹਾਂ 'ਚੋਂ ਜ਼ਿਲ੍ਹਾ ਜੇਲ੍ਹ ਲੁਧਿਆਣਾ, ਮੋਗਾ ਜੇਲ੍ਹ ਤੇ ਸਪੈਸ਼ਲ ਜੇਲ੍ਹ ਬਠਿੰਡਾ ਵਿਖੇ ਪੁਰਸ਼ ਅਤੇ ਮਾਲੇਰਕੋਟਲਾ ਜੇਲ੍ਹ ਵਿਖੇ ਅੌਰਤ ਕੈਦੀਆਂ ਨੂੰ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਹੁਣ ਤੱਕ ਇਕ ਲੱਖ ਤੋਂ ਵੱਧ ਮਾਸਕ ਵੰਡਿਆ ਜਾ ਚੁੱਕਾ ਹੈ ਅਤੇ ਸਾਰੀ ਜੇਲ੍ਹ ਖਾਸ ਕਰਕੇ ਬੈਰਕਾਂ ਵਿਚ ਪੂਰੀ ਤਰ੍ਹਾਂ ਸੈਨੇਟਾਈਜ਼ੇਸ਼ਨ ਕੀਤੀ ਗਈ ਹੈ। ਕੈਦੀਆਂ ਦੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਆਨਲਾਈਨ ਮੁਲਾਕਾਤ ਈ-ਪਿ੍ਰਜਨ ਜਾਂ ਫੇਰ ਵਟਸਐਪ ਵੀਡਿਓ ਕਾਲ ਰਾਹੀਂ ਕਰਵਾਈ ਜਾਂਦੀ ਹੈ। ਇਸ ਮੌਕੇ ਏਡੀਸੀ ਗੁਰਵਿੰਦਰ ਸਿੰਘ ਸਰਾਓ, ਐਸਐਸਪੀ ਡੀ. ਸੁਡਰਵਿਲੀ ਤੇ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਹਾਜ਼ਰ ਸਨ।