ਪੱਤਰਕਾਰਾਂ ਤੇ ਆਰਟੀਆਈ ਕਾਰਕੁਨ ’ਤੇ ਪਰਚਾ ਲਿਖਣ ਤੇ ਬੋਲਣ ਦੀ ਆਜ਼ਾਦੀ ’ਤੇ ਹਮਲਾ : ਡੀਟੀਐੱਫ
ਲੋਕ ਪੱਖੀ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨ ਤੇ ਕੇਸ ਲਿਖਣ ਤੇ ਬੋਲਣ ਦੀ ਆਜ਼ਾਦੀ ’ਤੇ ਹਮਲਾ : ਡੀਟੀਐੱਫ
Publish Date: Fri, 02 Jan 2026 03:44 PM (IST)
Updated Date: Fri, 02 Jan 2026 03:47 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਕੇ ਸੱਤਾ ਹਥਿਆਉਣ ਵਾਲੀ ਆਪ ਸਰਕਾਰ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਦੀ ਸੰਘੀ ਘੁੱਟਣ ਦੇ ਰਾਹ ਪੈ ਚੁੱਕੀ ਹੈ। ਮੁੱਖ ਮੰਤਰੀ ਦੇ ਜਪਾਨ ਦੌਰੇ ਦੌਰਾਨ ਉਨ੍ਹਾਂ ਦੀ ਗ਼ੈਰ ਹਾਜ਼ਰੀ ’ਚ ਪੰਜਾਬ ’ਚ ਸਰਕਾਰੀ ਹੈਲੀਕਾਪਟਰ ਦੀ ਹੋ ਰਹੀ ਦੁਰਵਰਤੋਂ ਨੂੰ ਲੈ ਕੇ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਮਨਿੰਦਰਜੀਤ ਸਿੱਧੂ, ਮਿੰਟੂ ਗੁਰੂਸਰੀਆ ਤੇ ਆਰਟੀਆਈ ਕਾਰਕੁੰਨ ਮਾਣਿਕ ਗੋਇਲ ਸਮੇਤ 10 ਪੱਤਰਕਾਰਾਂ ਉੱਪਰ ਭਗਵੰਤ ਮਾਨ ਸਰਕਾਰ ਵੱਲੋਂ ਬਦਲਾ ਖੋਰੀ ਦੀ ਨੀਤੀ ਤਹਿਤ ਕੇਸ ਦਰਜ਼ ਕੀਤਾ ਗਿਆ ਹੈ। ਪ੍ਰਤੀਨਿੱਧ ਅਧਿਆਪਕ ਜੱਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਸਰਕਾਰੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਜਨਤਕ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਕੀਤੇ ਜਾਣ ਵਾਲੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਹੈ। ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਸਰਕਾਰ ਦੇ ਇਸ ਰਵੱਈਏ ਨੂੰ ਬੋਲਣ ਦੀ ਆਜ਼ਾਦੀ ਦੇ ਹੱਕ ਤੇ ਡਾਕਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਜਮਹੂਰੀ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਕੇ ਰਾਜ ਨੂੰ ਪੁਲਿਸ ਸਟੇਟ ਬਣਾ ਕੇ ਚਲਾਇਆ ਜਾ ਰਿਹਾ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਜ਼ਿਲ੍ਹਾ ਵਿੱਤ ਸਕੱਤਰ ਨੀਰਜ਼ ਬਜਾਜ ਨੇ ਦੋਸ਼ ਲਾਇਆ ਕਿ ਸੂਬੇ ’ਚ ਐਮਰਜੈਂਸੀ ਵਰਗੇ ਹਾਲਾਤ ਬਣਾ ਦਿੱਤੇ ਗਏ ਹਨ। ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਸੁਆਲ ਕਰਨ ਵਾਲੇ ਜਨਤਕ ਜਥੇਬੰਦੀਆਂ ਦੇ ਆਗੂਆਂ ਅਤੇ ਪੱਤਰਕਾਰਾਂ ਖ਼ਿਲਾਫ਼ ਬਦਲਾਖੋਰੀ ਦੀ ਨੀਤੀ ਤਹਿਤ ਕੇਸ ਦਰਜ਼ ਕੀਤੇ ਜਾ ਰਹੇ ਹਨ। ਅਧਿਆਪਕ ਆਗੂਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮੁਕੇਸ਼ ਮਲੌਦ ਨੂੰ ਪੁਰਾਣੇ ਕੇਸ ਦੀ ਆੜ੍ਹ ਹੇਠ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਿਆ ਕਰਦਿਆਂ ਮਜਦੂਰ ਆਗੂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਚੋਣਾਂ ਦੌਰਾਨ ਐਕਸੀਡੈਂਟ ਵਿੱਚ ਜਾਨ ਗੁਆ ਚੁੱਕੇ ਮੋਗਾ ਜ਼ਿਲ੍ਹੇ ਦੇ ਅਧਿਆਪਕ ਜੋੜੇ ਲਈ ਇਨਸਾਫ ਦੀ ਲੜਾਈ ਵਿੱਚ ਆਉਣ ਵਾਲੇ ਸਮੇਂ ਵਿੱਚ ਕੀਤੇ ਜਾ ਰਹੇ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ। ਇਸ ਸਮੇਂ ਕੁਲਦੀਪ ਸ਼ਰਮਾ ਖੁੱਡੀਆਂ, ਗੁਰਪ੍ਰੀਤ ਲੰਬੀ, ਤਰਸੇਮ ਵਣਵਾਲਾ, ਗੁਰਵਰਿਆਮ ਸਰਾਵਾਂ, ਚਰਨਜੀਤ ਅਟਵਾਲ, ਸੁਖਜੀਤ ਥਾਂਦੇਵਾਲਾ, ਕੁਲਵਿੰਦਰ ਗੁਲਾਬੇ ਵਾਲਾ ਰਵਿੰਦਰ ਰਵੀ, ਰਵੀ ਸ਼ਰਮਾ, ਨਛੱਤਰ ਹਰੀਕੇ, ਉਪਕਾਰ ਬਰੀਵਾਲਾ, ਰਵਿੰਦਰ ਗੁਲਾਬੇ ਵਾਲਾ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।