- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿੱਦੜਬਾਹਾ 'ਚ ਸਾਢੇ ਤਿੰਨ ਸਾਲਾ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਮਾਮਲਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ’ਚ ਇੱਕ ਸਾਢੇ ਤਿੰਨ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨਾਂ ਦੇ ਨੇੜੇ ਲਾਵਾਰਿਸ ਹਾਲਤ ’ਚ ਮਿਲੀ ਬੱਚੀ ਦੀ ਮੈਡੀਕਲ ਜਾਂਚ ’ਚ ਜਿਨਸੀ ਸ਼ੋਸ਼ਣ ਦਾ ਖ਼ਦਸ਼ਾ ਸਾਹਮਣੇ ਆਉਣ ਤੋਂ ਬਾਅਦ ਜੀਆਰਪੀ ਪੁਲਿਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ 20-21 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ 30 ਅਗਸਤ ਦੀ ਰਾਤ ਨੂੰ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੂੰ ਰੇਲਵੇ ਸਟੇਸ਼ਨ ਨੇੜੇ ਬੱਚੀ ਜ਼ਖ਼ਮੀ ਹਾਲਤ ’ਚ ਮਿਲੀ। ਉਸਨੂੰ ਤੁਰੰਤ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਸਿਵਲ ਹਸਪਤਾਲ ਦੀ ਐਸਐਮਓ ਡਾ. ਰਸ਼ਮੀ ਚਾਵਲਾ ਨੇ ਦੱਸਿਆ ਕਿ ਬੱਚੀ ਦੇ ਗੁਪਤ ਅੰਗਾਂ ਅਤੇ ਮੂੰਹ ’ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਸ਼ੁਰੂਆਤੀ ਜਾਂਚ ’ਚ ਜਿਨਸੀ ਸ਼ੋਸ਼ਣ ਦੇ ਖ਼ਦਸ਼ੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤਿੰਨ ਡਾਕਟਰਾਂ ਦੇ ਮੈਡੀਕਲ ਬੋਰਡ ਦਾ ਗਠਨ ਕਰਕੇ ਵਿਸਥਾਰਪੂਰਵਕ ਜਾਂਚ ਕਰਵਾਈ ਗਈ। ਡੀਐਸਪੀ ਜੀਆਰਪੀ ਜ਼ੋਨਲ ਫ਼ਿਰੋਜ਼ਪੁਰ ਜਸਕਰਨ ਸਿੰਘ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਰੇਲਵੇ ਸਟੇਸ਼ਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਗਈ, ਜਿਸ ’ਚ ਮੁਲਜ਼ਮ ਬੱਚੀ ਨੂੰ ਆਪਣੇ ਨਾਲ ਲੈ ਕੇ ਜਾਂਦਾ ਦਿਖਾਈ ਦਿੱਤਾ। ਫੁਟੇਜ ਦੇ ਆਧਾਰ 'ਤੇ ਉਸ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਉਮਰ ਲਗਭਗ 20 ਤੋਂ 21 ਸਾਲ ਹੈ ਅਤੇ ਉਸਦਾ ਇੱਕ ਹੱਥ ਪੈਰਾਲਾਈਜ਼ (ਲਕਵਾਗ੍ਰਸਤ) ਹੈ। ਉਸ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਤਾਂ ਜੋ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਰੇ ਸਬੂਤਾਂ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।