- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁੱਟੀਆਂ ਸੜਕਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਕਾਰਨ ਸੜਕਾਂ ਅਤੇ ਗਲੀਆਂ ਪੁੱਟੀਆਂ ਹੋਣ ਦੇ ਮੁੱਦੇ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਸਬੰਧਤ ਠੇਕੇਦਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਯੋਗ ਵਿਉਂਤਬੰਦੀ ਨਾ ਹੋਣ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ’ਤੇ ਲੰਬੀਆਂ ਟ੍ਰੈਫਿਕ ਕਤਾਰਾਂ ਲੱਗ ਰਹੀਆਂ ਹਨ ਅਤੇ ਸਕੂਲੀ ਵਾਹਨ ਵੀ ਟਰੈਫਿਕ ’ਚ ਫਸ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰ ਹਨ, ਜਿਸ ਦੌਰਾਨ ਬਾਜ਼ਾਰਾਂ ’ਚ ਖਰੀਦਦਾਰੀ ਵਧਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੜਕਾਂ ਦੀ ਮੌਜੂਦਾ ਹਾਲਤ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਖਾਸ ਤੌਰ ’ਤੇ ਕੋਟਕਪੂਰਾ ਰੋਡ ’ਤੇ ਊਸ਼ਾ ਬਾਂਸਲ ਨਰਸਿੰਗ ਹੋਮ ਦੇ ਸਾਹਮਣੇ ਵਾਲੀ ਸੜਕ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਰੋਜ਼ਾਨਾ ਟਰੈਫਿਕ ਸਮੱਸਿਆ ਬਣੀ ਰਹਿੰਦੀ ਹੈ ਅਤੇ ਈ-ਰਿਕਸ਼ਿਆਂ ਸਮੇਤ ਹੋਰ ਵਾਹਨਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਰਿਸ਼ਾਂ ਹੁੰਦੀਆਂ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਸਨ। ਹਨੀ ਫੱਤਣਵਾਲਾ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਿਕਾਸ ਕਾਰਜਾਂ ਦੀ ਯੋਗ ਵਿਉਂਤਬੰਦੀ ਕਰਕੇ ਸ਼ਹਿਰ ਦੀਆਂ ਸੜਕਾਂ ਨੂੰ ਜਲਦ ਦਰੁਸਤ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਾਘੀ ਮੇਲੇ ਦੇ ਮੱਦੇਨਜ਼ਰ ਵੀ ਸੜਕਾਂ ਅਤੇ ਟਰੈਫਿਕ ਪ੍ਰਬੰਧਾਂ ਨੂੰ ਸਮੇਂ ਸਿਰ ਸੁਧਾਰਨਾ ਜ਼ਰੂਰੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਜਲਦ ਮੁਕੰਮਲ ਕਰਵਾਏ ਜਾਣ। ਇਸ ਮੌਕੇ ਕਰਤਾਰ ਸਿੰਘ ਟੀਨੂੰ ਸੋਢੀ ਕੌਸਲਰ, ਗਗਨਦੀਪ ਸਿੰਘ ਕੌਸਲਰ, ਬੋਹੜ ਸਿੰਘ ਸਰਕਲ ਪ੍ਰਧਾਨ ਸ਼ਹਿਰੀ, ਕੰਵਰ ਸਿੱਧੂ, ਇਕਬਾਲ ਸਿੰਘ ਸੰਗੂਧੌਣ, ਡਾ. ਬੇਅੰਤ ਸਿੰਘ, ਰੌਬੀ ਬਰਾੜ, ਸ਼ਮਿੰਦਰ ਸਿੰਘ ਸੰਧੂ, ਮੁਕੇਸ਼ ਕੁਮਾਰ, ਮਾਨਵ ਕੁਮਾਰ, ਗੁਰਵਿੰਦਰ ਸਿੰਘ ਬੱਬੂ ਅਤੇ ਬਲਵਿੰਦਰ ਸਿੰਘ ਗੋਨੇਆਣਾ ਹਾਜ਼ਰ ਸਨ।