- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਵੱਲੋਂ ਫੀਲਡ ’ਚ ਜਾ ਕੇ ਡੇਂਗੂ ਕੰਟਰੋਲ ਟੀਮਾਂ ਦੀ ਕੀਤੀ ਸੁਪਰਵਿਜਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸਦੇ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ’ਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਅਤੇ ਫੀਲਡ ’ਚ ਜਾ ਕੇ ਟੀਮਾ ਦੀ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਬ੍ਰੀਡਿੰਗ ਚੈਕਰਾਂ ਵੱਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਵੱਖ ਵੱਖ ਏਰੀਏ ’ਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਜਨਤਕ ਥਾਵਾਂ ਤੇ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜ਼ਰੂਰੀ ਹਨ, ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ’ਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਜਾਨਾ ਪੱਧਰ ਤੇ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ’ਚ ਐਂਟੀਲਾਰਵੀਅਲ ਟੈਮੀਫਾਸ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ’ਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ, ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ’ਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ’ਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ’ਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਕੀਤਾ ਜਾਂਦਾ ਹੈ।