- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਆਈਸੀਸੀ ਜਨਰਲ ਸਕੱਤਰ ਪੰਜਾਬ ਕਾਂਗਰਸ ਇੰਚਾਰਜ਼ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਦੇ ਪ੍ਰੋਗਰਾਮਾਂ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਲੋਕ ਸੱਤਾਧਾਰੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ।

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਪਰ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।
ਏਆਈਸੀਸੀ ਜਨਰਲ ਸਕੱਤਰ ਪੰਜਾਬ ਕਾਂਗਰਸ ਇੰਚਾਰਜ਼ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਦੇ ਪ੍ਰੋਗਰਾਮਾਂ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਲੋਕ ਸੱਤਾਧਾਰੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ, ਭੂਪੇਸ਼ ਬਘੇਲ ਨੇ ਕਿਹਾ ਕਿ ਪਹਿਲੇ ਦਿਨ ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਸੀ। ਲੇਕਿਨ ਜਦੋਂ ਸਰਕਾਰ ਨੇ ਦੇਖਿਆ ਕਿ ਕਾਂਗਰਸ ਦੇ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ, ਤਾਂ ਉਸਨੇ ਆਪਣੇ ਲੋਕ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਭੇਜ ਕੇ ਵਿਘਨ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।
ਕਾਂਗਰਸ ਦੇ ਜਨਰਲ ਸਕੱਤਰ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਲਾਘਾ ਕਰਦਿਆਂ, ਕਿਹਾ ਕਿ ਜਦੋਂ ਪਾਰਟੀ 80 ਤੋਂ ਘਟ ਕੇ ਸਿਰਫ਼ 18 ਸੀਟਾਂ 'ਤੇ ਆ ਗਈ ਸੀ, ਉਸ ਮੁਸ਼ਕਲ ਸਮੇਂ ਰਾਹੁਲ ਗਾਂਧੀ ਨੇ ਪਾਰਟੀ ਦੀ ਕਮਾਨ ਉਨ੍ਹਾਂ ਨੂੰ ਸੌਂਪੀ ਸੀ। ਉਨ੍ਹਾਂ ਨੇ ਕਿਹਾ ਕਿ ਵੜਿੰਗ ਨੂੰ ਪਾਰਟੀ ਦੇ ਬਾਹਰੋਂ ਵੀ ਅਤੇ ਅੰਦਰੋਂ ਵੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਘੇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਾਫੀਆ ਰਾਜ ਕਾਇਮ ਕਰ ਦਿੱਤਾ ਹੈ ਅਤੇ ਸੂਬੇ ਨੂੰ ਭਾਰੀ ਕਰਜ਼ੇ ਹੇਠ ਡੁੱਬੋ ਦਿੱਤਾ ਹੈ
ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਜੱਦੀ ਸ਼ਹਿਰ ਵਿੱਚ ਦਿਲੋਂ ਅਤੇ ਭਾਵੁਕ ਸੰਬੋਧਨ ਕਰਦਿਆਂ, ਕਿਹਾ ਕਿ ਉਨ੍ਹਾਂ ਦੀ ਜਾਨ ਦੇ ਪਿੱਛੇ ਹਰ ਕੋਈ ਪਿਆ ਹੋਇਆ ਹੈ। ਅਕਾਲੀ, ਭਾਜਪਾ, ਝਾੜੂ ਵਾਲੇ ਅਤੇ ਸਾਡੇ ਆਪਣੇ ਕੁਝ ਲੋਕ ਵੀ ਉਨ੍ਹਾਂ ਦੇ ਪਿੱਛੇ ਪਏ ਹੋਏ ਹਨ। ਜਦਕਿ ਉਨ੍ਹਾਂ ਨੇ ਕੋਈ ਪਾਪ ਨਹੀਂ ਕੀਤਾ ਹੈ। ਵੜਿੰਗ ਨੇ ਕਾਂਗਰਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ, ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਸਭ ਕੁਝ ਦਿੱਤਾ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ ਹੈ। ਕਾਂਗਰਸ ਛੱਡਣ ਨਾਲੋਂ ਉਹ ਸਿਆਸਤ ਤੋਂ ਸੰਨਿਆਸ ਲੈਣਾ ਬਿਹਤਰ ਸਮਝਣਗੇ। ਰਾਹੁਲ ਗਾਂਧੀ ਵੀ ਜਾਣਦੇ ਹਨ ਕਿ ਰਾਜਾ ਵੜਿੰਗ ਮਰ ਸਕਦਾ ਹੈ, ਪਰ ਭਾਜਪਾ ਨਾਲ ਕਦੇ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ ਦਾ ਸਮਾਂ ਹੁਣ ਖ਼ਤਮ ਹੋ ਚੁੱਕਾ ਹੈ। ਜਦਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ ਅਤੇ ਲੋਕ ਛੇਤੀ ਤੋਂ ਛੇਤੀ ਇਨ੍ਹਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।