ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ 24 ਨੂੰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 24 ਨੂੰ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ
Publish Date: Wed, 07 Jan 2026 04:50 PM (IST)
Updated Date: Wed, 07 Jan 2026 04:51 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ ਅਤੇ ਯਾਦਵਿਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ। ਇਸ ਮੌਕੇ ਸੀਵਰੇਜ ਬੋਰਡ ਦੇ ਸੂਬਾਈ ਆਗੂ ਸੰਦੀਪ ਸਿੰਘ ਗਿੱਦੜਬਾਹਾ ਅਤੇ ਕਰਮਜੀਤ ਸਿੰਘ ਮਲੋਟ ਨੇ ਕਿਹਾ ਕਿ ਉਹ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ’ਚ ਪਿਛਲੇ 15-20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ। ਦੂਜੇ ਪਾਸੇ ਸੀਵਰੇਜ ਬੋਰਡ ਅਤੇ ਹੋਰ ਵੱਖ ਵੱਖ ਸਰਕਾਰੀ ਵਿਭਾਗ ’ਚ ਪੱਕਾ ਕਰਨ ਦਾ ਵਾਅਦਾ ਕਰ ਕੇ ਸੱਤਾ ’ਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਲਾਰਿਆਂ ’ਚ ਰੱਖ ਕੇ ਸਮਾਂ ਲੰਘਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੀਵਰੇਜ ਬੋਰਡ ’ਚ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ’ਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ, ਜਿਸਦੇ ਵਿਰੋਧ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 24 ਜਨਵਰੀ ਨੂੰ ਦਿੜ੍ਹਬਾ ਦੀ ਅਨਾਜ ਮੰਡੀ ’ਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕੱਚੇ ਕਾਮੇ ਪੂਰੇ ਪੰਜਾਬ ’ਚੋਂ ਵੱਡੀ ਗਿਣਤੀ ਦੇ ਵਿੱਚ ਸ਼ਮੂਲੀਅਤ ਕਰ ਰਹੇ ਹਨ। ਇਸ ਮੌਕੇ ਅਸ਼ੋਕ ਕੁਮਾਰ ਜ਼ਿਲ੍ਹਾ ਸਕੱਤਰ, ਮੋਨੂੰ ਕੁਮਾਰ ਜ਼ਿਲ੍ਹਾ ਖਜਾਨਚੀ, ਪ੍ਰਵੀਨ ਕੁਮਾਰ ਕਰਮਜੀਤ ਸਿੰਘ, ਨਵਨੀਤ ਸ਼ਰਮਾ, ਸੁਖਵਿੰਦਰ ਸਿੰਘ, ਜਸਕਰਨ ਸਿੰਘ, ਕੁਲਵਿੰਦਰ ਸਿੰਘ, ਅਰਵਿੰਦਰ ਸਿੰਘ ਅਤੇ ਨਿਰਮਲ ਸਿੰਘ ਆਦਿ ਵੀ ਮੌਜੂਦ ਸਨ।