- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਨਸ਼ਾ ਮੁਕਤ ਮੁਹਿੰਮ ਤਹਿਤ ਅੱਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਚਲਾਈ ਹੋਈ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਕੰਟਰੋਲ ਲਈ ਪੇਂਡੂ ਅਤ ਸ਼ਹਿਰੀ ਪੱਧਰ ਤੇ ਨਸ਼ਾ ਰੋਕੂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਦੇਣ ਵਾਲਿਆਂ ਦਾ ਨਾਮ ਪੁਲਿਸ ਪ੍ਰਸ਼ਾਸਨ ਵਲੋਂ ਗੁਪਤ ਰੱਖਿਆ ਜਾ ਰਿਹਾ ਹੈ। ਨਸ਼ੇ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜਿਥੇ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਸਮਗਲਰਾਂ ਵਲੋਂ ਉਸਾਰੀਆਂ ਗਈਆਂ ਬਿਲਡਿੰਗਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਢਾਹਿਆ ਜਾ ਰਿਹਾ ਹੈ ਤਾਂ ਜੋ ਨਸ਼ੇ ਦੀ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਈ ਗਲਤ ਰਾਹ ਵੱਲ ਵੱਧ ਰਿਹਾ ਹੈ ਤਾਂ ਉਸਨੂੰ ਇਕੱਲਾ ਨਾ ਛੱਡਿਆ ਜਾਵੇ, ਸਗੋਂ ਪਿਆਰ ਅਤੇ ਹੌਂਸਲੇ ਨਾਲ ਸਹੀ ਦਿਸ਼ਾ ਵੱਲ ਲਿਆਂਦਾ ਜਾਵੇ। ਉਨ੍ਹਾਂ ਮਾਪਿਆਂ, ਅਧਿਆਪਕਾਂ, ਪੰਚਾਇਤਾਂ, ਯੂਥ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਤਕਰੀਬਨ 3000 ਖੇਡ ਗਰਾਉਂਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਪਿੰਡਾਂ ’ਚ ਗਰਾਊਂਡ ਬਣ ਕੇ ਤਿਆਰ ਵੀ ਹੋ ਗਏ ਹਨ, ਇਸ ਤੋਂ ਇਲਾਵਾ ਪਿੰਡਾਂ ’ਚ ‘ਮੁੱਖ ਮੰਤਰੀ ਜਿੰਮ’ ਮੁਹਿੰਮ ਅਧੀਨ ਜਿੰਮਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਮੁਹਿੰਮ ਤਹਿਤ ਨੌਜਾਵਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚ ਸਕਣ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਮਲੋਟ ਦੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ, ਕ੍ਰਿਕਟ ਦੀਆਂ 100 ਤੋਂ ਵਧੇਰੇ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਆਂਗਣਵਾੜੀ ਵਰਕਰਾਂ ਜੋ ਕਿ ਨਸ਼ਿਆਂ ਨੂੰ ਰੋਕਣ ਲਈ ‘ਨਸ਼ਾ ਮੁਕਤੀ ਮਿੱਤਰ’ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਮੈਡਮ ਸੁਰਿੰਦਰ ਕੌਰ ਦੀ ਨਿਰਦੇਸ਼ਨਾਂ ਅਤੇ ਉੱਘੇ ਰੰਗ ਕਰਮੀ ਕੀਰਤੀ ਕ੍ਰਿਪਾਲ ਦੀ ਅਗਵਾਈ ਹੇਠ ਆਓ ਕੋਸ਼ਿਸ਼ ਕਰੀਏ ਨਾਟਕ ਖੇਡਿਆ ਗਿਆ ਅਤੇ ਪੀਐਮ ਸ੍ਰੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਲਵਈ ਗਿੱਧਾ ਅਤੇ ਕੋਰੀਓਗ੍ਰਾਫ਼ੀ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੇਸ਼ਕਾਰੀਆਂ ਦਾ ਆਯੋਜਨ ਵੀ ਕੀਤਾ ਗਿਆ ਅਤੇ ਲੜਕੀ ਮਾਰੀਆ ਵੱਲੋਂ ਸੋਲੋ ਡਾਂਸ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐਸਡੀਐੱਮ ਪੰਕਜ ਕੁਮਾਰ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ, ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਜ਼ਿਲ੍ਹਾ ਮਹਿਲਾ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਆਸ਼ੂ ਚਾਨਣਾ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀ ਕੇ ਕਲਾਂ, ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਦੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ, ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਸੀਡੀਪੀਓ ਪੰਕਜ ਕੁਮਾਰ, ਟਰੱਕ ਯੂਨੀਅਨ ਪ੍ਰਧਾਨ ਸੁਖਪਾਲ ਸਿੰਘ ਦਾਨੇਵਾਲਾ, ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਡਾ. ਨਰੇਸ਼ ਪਰੂਥੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਗਮ ’ਚ ਸ਼ਾਮਲ ਨੌਜਵਾਨਾਂ, ਯੁੱਧ ਕਲੱਬਾਂ, ਖਿਡਾਰੀਆਂ ਅਤੇ ਪਤਵੰਤੇ ਵਿਅਕਤੀਆਂ ਨੂੰ ਨਸ਼ਾ ਵਿਰੋਧੀ ਸਹੁੰ ਵੀ ਚੁਕਵਾਈ।