ਭੰਵਰਾ/ਗਿੱਲ, ਸ੍ਰੀ ਮੁਕਤਸਰ ਸਾਹਿਬ : ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 12 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਦਕਿ ਜ਼ਿਲ੍ਹੇ 'ਚ 13 ਹੋਰ ਵਿਅਕਤੀ ਠੀਕ ਹੋ ਕੇ ਘਰ ਪਰਤ ਗਏ ਹਨ। ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਹੁਣ ਤੱਕ 85 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਵੀਰਵਾਰ ਨੂੰ ਜ਼ਿਲ੍ਹੇ ਅੰਦਰ ਪਾਏ ਗਏ ਕੋਰੋਨਾ ਪਾਜ਼ੇਟਿਵ 12 ਵਿਅਕਤੀਆਂ 'ਚੋਂ 1 ਸ੍ਰੀ ਮੁਕਤਸਰ ਸਾਹਿਬ, 9 ਮਲੋਟ, 1 ਬਰੀਵਾਲਾ ਤੇ 1 ਪਾਜ਼ੇਟਿਵ ਕੇਸ ਪਿੰਡ ਫੁੱਲੂ ਖੇੜਾ ਨਾਲ ਸਬੰਧਿਤ ਹਨ। ਜ਼ਿਲ੍ਹੇ 'ਚੋਂ ਵੀਰਵਾਰ ਨੂੰ 13 ਮਰੀਜ਼ ਠੀਕ ਹੋ ਕੇ ਘਰ ਵਾਪਸ ਪਰਤ ਗਏ ਹਨ। ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 233 ਰਹਿ ਗਈ ਹੈ। ਜ਼ਿਲ੍ਹੇ ਭਰ 'ਚੋਂ ਹੁਣ ਤੱਕ ਕੁਲ 56717 ਸੈਂਪਲ ਲਏ ਗਏ ਹਨ ਜਿਨ੍ਹਾਂ 'ਚੋਂ 52085 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਹੁਣ ਤੱਕ ਕੁੱਲ 3204 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਜ਼ਿਲ੍ਹੇ 'ਚ 1045 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ 'ਚ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ।