ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 1 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਜ਼ਿਲ੍ਹੇ 'ਚ ਹੁਣ ਤੱਕ 98 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਜ਼ਿਲ੍ਹੇ ਅੰਦਰ ਪਾਇਆ ਗਿਆ 1 ਕੋਰੋਨਾ ਪਾਜ਼ੇਟਿਵ ਵਿਅਕਤੀ ਗਿੱਦੜਬਾਹਾ ਨਾਲ ਸਬੰਧਿਤ ਹੈ। ਜ਼ਿਲ੍ਹੇ 'ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 31 ਹੋ ਗਈ ਹੈ। ਜ਼ਿਲ੍ਹੇ ਭਰ 'ਚੋਂ ਹੁਣ ਤੱਕ ਕੁਲ 91213 ਸੈਂਪਲ ਲਏ ਗਏ ਹਨ ਜਿਨ੍ਹਾਂ 'ਚੋਂ 86614 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਿਲ੍ਹੇ 'ਚੋਂ ਹੁਣ ਤੱਕ ਕੁੱਲ 3800 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਜ਼ਿਲ੍ਹੇ 'ਚ 159 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਾ ਕੇ ਰੱਖੋ ਤੇ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ 'ਚ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ।