- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਪੀਐਫ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਅਰਥੀ ਫੂਕ ਮੁਜਾਹਰਾ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਚੋਣਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਵਾਅਦਾ ਭੁੱਲ ਚੁੱਕੀ ਹੈ ਅਤੇ ਇਸਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਬਜਾਏ ਕੇਵਲ ਸਮਾਂ ਹੀ ਲੰਘਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਪੀਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ ਸੋਨੀ ਵੱਲੋਂ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਦੂਜਿਆਂ ਸੂਬਿਆਂ ’ਚ ਚੋਣਾਂ ਦੌਰਾਨ ਲਾਹਾ ਲੈਣ ਦੇ ਮਨਸ਼ੇ ਨਾਲ 2022 ਦੀ ਦੀਵਾਲੀ ਮੌਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪ੍ਰੰਤੂ 4 ਸਾਲ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅੱਜ ਮੁਲਾਜ਼ਮ ਇਸ ਨੂੰ ਜ਼ਮੀਨੀ ਪੱਧਰ ਤੇ ਲਾਗੂ ਹੋਣ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਸਤਨਾਮ ਸਿੰਘ ਨੇ ਕਿਹਾ ਕਿ ਸਰਕਾਰ ਸਮੇਂ ਸਮੇਂ ਮੁਲਾਜ਼ਮਾਂ ਨਾਲ ਮੀਟਿੰਗਾਂ ਤਾਂ ਰੱਖਦੀ ਹੈ ਪ੍ਰੰਤੂ ਇਨ੍ਹਾਂ ਮੀਟਿੰਗਾਂ ਨੂੰ ਜਾਂ ਮੁਲਤਵੀ ਕਰ ਦਿੱਤਾ ਜਾਂਦਾ ਹੈ ਤੇ ਜਾਂ ਫਿਰ ਗੋਲ ਮਟੋਲ ਗੱਲਾਂ ਕਰਕੇ ਮੀਟਿੰਗਾਂ ਸਮਾਪਤ ਕਰ ਦਿੱਤੀਆਂ ਜਾਂਦੀਆਂ ਹਨ। ਆਗੂਆਂ ਨੇ ਕਿਹਾ ਕਿ ਸੀ.ਪੀ.ਐਫ. ਯੂਨੀਅਨ ਦੀ ਸਟੇਟ ਬਾਡੀ ਦੇ ਫੈਸਲੇ ਅਨੁਸਾਰ ਅੱਜ ਮੁੱਖ ਮੰਤਰੀ ਪੰਜਾਬ ਦੀ ਅਰਥੀ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਤਾਂ ਸਾਰੀਆਂ ਗਰੰਟੀਆਂ ਪੂਰਾ ਕਰਨ ਦਾ ਦਮ ਭਰਦੀ ਹੈ ਪ੍ਰੰਤੂ ਦੂਜੇ ਪਾਸੇ ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ਵੀ ਸਾਢੇ 4 ਸਾਲ ਬੀਤ ਜਾਣ ਉਪਰੰਤ ਨਾ ਹੀ ਕੋਈ ਐਸਓਪੀ ਜਾਰੀ ਕੀਤੀ ਗਈ ਹੈ ਅਤੇ ਨਾ ਹੀ ਕਰਮਚਾਰੀਆਂ ਦੇ ਜੀ.ਪੀ.ਐਫ. ਖਾਤੇ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਕਰੀਬਨ ਢਾਈ ਲੱਖ ਕਰਮਚਾਰੀ ਨਵੀਂ ਪੈਨਸ਼ਨ ਸਕੀਮ ਤੋਂ ਪੀੜਿਤ ਹਨ ਅਤੇ ਹੋਰ ਨਵੇਂ ਭਰਤੀ ਹੋਣ ਵਾਲੇ ਕਰਮਚਾਰੀ ਵੀ ਇਸ ਸਕੀਮ ਤੋਂ ਹੀ ਪ੍ਰਭਾਵਿਤ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀ ਇਸ ਹੱਕੀ ਮੰਗ ਨੂੰ ਪੂਰਾ ਕਰਦਿਆਂ ਜਲਦ ਹੀ ਜੀ.ਪੀ.ਐਫ. ਖਾਤੇ ਨਾ ਖੋਲ੍ਹੇ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖਿਲਾਫ਼ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਰਾਜ, ਜਗਪ੍ਰੀਤ ਸਿੰਘ, ਜੈਦੇਵ ਸਿੰਘ, ਜਲ ਸਪਲਾਈ ਵਿਭਾਗ ਤੋਂ ਬਿਕਰਮਜੀਤ ਸਿੰਘ, ਸਮਾਜਿਕ ਸੁਰੱਖਿਆ ਤੋਂ ਬਲਜਿੰਦਰ ਸਿੰਘ, ਪ੍ਰੇਮਜੀਤ ਸਿੰਘ, ਲੋਕ ਸੰਪਰਕ ਵਿਭਾਗ ਤੋਂ ਮਨਦੀਪ ਸਿੰਘ ਬੱਤਰਾ, ਐਕਸਾਈਜ਼ ਵਿਭਾਗ ਤੋਂ ਅਰਸ਼ ਅਤੇ ਹੋਰ ਵੱਡੀ ਗਿਣਤੀ ’ਚ ਸਰਕਾਰੀ ਕਰਮਚਾਰੀ ਹਾਜ਼ਰ ਸਨ।