ਡੇਅਰੀ ਫਾਰਮਰਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਸੌਂਪਿਆ ਮੰਗ ਪੱਤਰ ਡੇਅਰੀ ਫਾਰਮਰਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਸੌਂਪਿਆ ਮੰਗ ਪੱਤਰ
Publish Date: Sun, 29 Nov 2026 03:45 PM (IST)
Updated Date: Sun, 29 Nov 2026 03:47 PM (IST)
ਚੇਤਨ ਭੂਰਾ, ਪੰਜਾਬੀ ਜਾਗਰਣ ਲੰਬੀ : ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੁਲਾਕਾਤ ਕੀਤੀ ਗਈ। ਡੇਅਰੀ ਫਾਰਮਰਾਂ ਨੇ ਫੀਡ ਦੇ ਵਧਦੇ ਰੇਟਾਂ ਅਤੇ ਸਰਕਾਰ ਦੀ ਨਵੀਂ ਬ੍ਰੀਡਿੰਗ ਪਾਲਿਸੀ ਖ਼ਿਲਾਫ਼ ਮੰਗ ਪੱਤਰ ਸੌਂਪਦਿਆਂ ਆਪਣਾ ਰੋਸ ਜ਼ਾਹਰ ਕੀਤਾ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਚੌਧਰੀ ਦੀ ਅਗਵਾਈ ਹੇਠ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਕੋਮਲਪ੍ਰੀਤ ਸਿੰਘ ਰੁਪਾਣਾ ਅਤੇ ਹੋਰ ਡੇਅਰੀ ਕਿਸਾਨਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ’ਚ ਪਸ਼ੂਆਂ ਦੀ ਫੀਡ ਦੇ ਰੇਟ 1000 ਤੋਂ 1500 ਰੁਪਏ ਪ੍ਰਤੀ ਕੁਇੰਟਲ ਤੱਕ ਵਧ ਗਏ ਹਨ, ਪਰ ਦੁੱਧ ਦੇ ਰੇਟ ਉੱਥੇ ਹੀ ਖੜ੍ਹੇ ਹਨ। ਜਿਸ ਕਾਰਨ ਲਾਗਤ ਵਧਣ ਕਰਕੇ ਡੇਅਰੀ ਦਾ ਧੰਦਾ ਘਾਟੇ ਦਾ ਸੌਦਾ ਬਣਦਾ ਜਾ ਰਿਹਾ ਹੈ। ਇਸਤੋਂ ਇਲਾਵਾ ਉਨ੍ਹਾਂ ਸਰਕਾਰ ਦੀ ਨਵੀਂ ਬ੍ਰੀਡਿੰਗ ਪਾਲਿਸੀ ਨੂੰ ‘ਡੇਅਰੀ ਮਾਰੂ ਨੀਤੀ’ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਇੰਸਪੈਕਟਰੀ ਰਾਜ ਵਧੇਗਾ ਅਤੇ ਕਿਸਾਨਾਂ ਦੀ 25 ਸਾਲਾਂ ਦੀ ਮਿਹਨਤ ਨਾਲ ਤਿਆਰ ਕੀਤੀਆਂ 80 ਲੀਟਰ ਤੱਕ ਦੁੱਧ ਦੇਣ ਵਾਲੀਆਂ ਗਾਵਾਂ ਦੀ ਨਸਲ ਖ਼ਰਾਬ ਹੋ ਜਾਵੇਗੀ। ਕਿਸਾਨਾਂ ਨੇ ਮੰਗ ਕੀਤੀ ਕਿ ਦੁੱਧ ਦੇ ਰੇਟਾਂ ’ਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਇਸ ਬ੍ਰੀਡਿੰਗ ਪਾਲਿਸੀ ਨੂੰ ਰੱਦ ਕੀਤਾ ਜਾਵੇ। ਦੂਜੇ ਪਾਸੇ, ਕਿਸਾਨਾਂ ਮੁਤਾਬਕ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਬ੍ਰੀਡਿੰਗ ਪਾਲਿਸੀ ਬਾਰੇ ਜਲਦ ਢੁੱਕਵਾਂ ਹੱਲ ਕੱਢਣ ਤੇ ਦੁੱਧ ਦੇ ਰੇਟ ਵਧਾਉਣ ਲਈ ਸਬੰਧਤ ਵਿਭਾਗ ਕੋਲ ਸਿਫ਼ਾਰਸ਼ ਕਰਨ ਦਾ ਭਰੋਸਾ ਦਿੱਤਾ ਹੈ।