ਕਿਸਾਨਾਂ ਤੇ ਮਜ਼ਦੂਰਾਂ ਨੇ ਖੇਤੀਬਾੜੀ ਮੰਤਰੀ ਖੁੱਡੀਆਂ ਦੀ ਰਿਹਾਇਸ਼ ਦਾ ਕੀਤਾ ਘਿਰਾਓ ਮਜ਼ਦੂਰਾਂ ਕਿਸਾਨਾਂ ਵੱਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਦੇ ਘਰ ਅੱਗੇ ਦਿਨ ਰਾਤ ਦਾ ਧਰਨਾ ਸ਼ੁਰੂ
Publish Date: Sun, 29 Nov 2026 05:17 PM (IST)
Updated Date: Sun, 29 Nov 2026 05:19 PM (IST)
ਚੇਤਨ ਭੂਰਾ, ਪੰਜਾਬੀ ਜਾਗਰਣ, ਲੰਬੀ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਥੇਬੰਦੀਆਂ ਨਾਲ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਆਦਿ ਮਸਲਿਆਂ ’ਤੇ ਵਾਰ-ਵਾਰ ਵਾਅਦਾ ਕਰਕੇ ਮੁੱਕਰਨ ਤੋਂ ਖਫ਼ਾ ਬੀਕੇਯੂ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀਬਾੜੀ ਮੰਤਰੀ ਦੀ ਖੁੱਡੀਆਂ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਦੋਸ਼ ਲਾਇਆ ਕਿ ਆਪ ਸਰਕਾਰ ਬਣਨ ਸਾਰ ਲੰਬੀ ਵਿਖੇ ਸੰਘਰਸ਼ ਕਰਦੇ ਮਜ਼ਦੂਰਾਂ ਕਿਸਾਨਾਂ ਤੇ ਲਾਠੀਚਾਰਜ ਉਪਰੰਤ ਗੁਰਮੀਤ ਸਿੰਘ ਖੁੱਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੰਬੀ ਥਾਣੇ ’ਚ ਦਰਜ਼ ਕੇਸ ਸਮੇਤ ਅੰਦੋਲਨਾਂ ਦੌਰਾਨ ਬਣੇ ਸਾਰੇ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਗਿਆ ਸੀ, ਪਰ ਕੇਸ ਵਾਪਸ ਲੈਣ ਦੀ ਥਾਂ ਇਨ੍ਹਾਂ ਕੇਸਾਂ ਦਾ ਅਦਾਲਤੀ ਚਲਾਨ ਪੇਸ਼ ਕਰਕੇ ਮਜ਼ਦੂਰ ਕਿਸਾਨ ਆਗੂਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਵਾ ਦਿੱਤੇ ਗਏ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਖੇਤੀਬਾੜੀ ਮੰਤਰੀ ਵੱਲੋਂ 22 ਅਗਸਤ 2026 ਨੂੰ ਆਪਣੇ ਘਰ ਅੱਗੇ ਲੱਗੇ ਧਰਨੇ ਦੌਰਾਨ ਇਹ ਕੇਸ ਕੁੱਝ ਦਿਨਾਂ ’ਚ ਹੀ ਵਾਪਸ ਕਰਾਉਣ ਅਤੇ ਜ਼ਿਲ੍ਹੇ ਨਾਲ ਸਬੰਧਤ ਮੰਗਾਂ ਬਾਰੇ ਜਲਦੀ ਹੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਦਾ ਜਨਤਕ ਭਰੋਸਾ ਦੇਣ ਦੇ ਬਾਵਜੂਦ ਕੋਈ ਅਮਲ ਨਹੀਂ ਕੀਤਾ ਗਿਆ। -- ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕੀਤੀ ਜਾਵੇ : ਆਗੂ ਕਿਸਾਨ ਆਗੂ ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ, ਖੇਤ ਮਜ਼ਦੂਰ ਆਗੂ ਕਾਲ਼ਾ ਸਿੰਘ ਖੂਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ ਆਪ ਸਰਕਾਰ ਤੇ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ ਦਾ ਵਾਅਦਾ ਵੀ ਵਫਾ ਨਹੀਂ ਹੋਇਆ ਅਤੇ ਨਸ਼ਿਆਂ ਨੂੰ ਚਾਰ ਮਹੀਨਿਆਂ ’ਚ ਖਤਮ ਕਰਨ ਬਾਰੇ ਕੇਜਰੀਵਾਲ ਦੀ ਗਰੰਟੀ ਦੇ ਬਾਵਜੂਦ ਨਸ਼ਿਆਂ ਦੀ ਮਹਾਂਮਾਰੀ ਨਾ ਸਿਰਫ ਕਈ ਗੁਣਾਂ ਵਧ ਗਈ ਸਗੋਂ ਨਸ਼ਾ ਤਸਕਰਾਂ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਉਠਾਉਣ ਵਾਲਿਆਂ ਨੂੰ ਦਿਨ ਦਿਹਾੜੇ ਕਤਲ ਕੀਤਾ ਜਾ ਰਿਹਾ ਹੈ। ਮਜ਼ਦੂਰ ਕਿਸਾਨ ਆਗੂਆਂ ਨੇ ਆਖਿਆ ਕਿ ਮਜ਼ਬੂਰੀ ਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ’ਤੇ ਵਾਰ ਵਾਰ ਵਾਅਦੇ ਕਰਨ ਦੇ ਬਾਵਜੂਦ ਅੱਜ ਵੀ ਪੁਲਿਸ ਕੇਸ ਦਰਜ ਕੀਤੇ ਜਾ ਰਹੇ ਹਨ। --- ਮੰਗਾਂ ਨਾ ਪੂਰੀਆਂ ਹੋਣ ਤੱਕ ਸੰਘਰਸ਼ ਰਹੇਗਾ ਜਾਰੀ ਕਿਸਾਨ ਮਜ਼ਦੂਰ ਆਗੂਆ ਨੇ ਐਲਾਨ ਕੀਤਾ ਕਿ ਕੇਸਾਂ ਦੀ ਵਾਪਸੀ, ਫ਼ਸਲੀ ਨੁਕਸਾਨ ਦਾ ਮੁਆਵਜ਼ਾ ਦੇਣ ਤੇ ਮਨਰੇਗਾ ਦਾ ਕੰਮ ਚਲਾਉਣ ਆਦਿ ਮੰਗਾਂ ਪੂਰਤੀ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ, ਘਰੇਲੂ ਬਿਜਲੀ ਬਿੱਲਾਂ ਦੇ ਖੜੇ ਬਕਾਏ ਖ਼ਤਮ ਕਰਨ, ਨਸ਼ਿਆਂ ਦੇ ਥੋਕ ਉਤਪਾਦਕਾਂ ਥੋਕ ਵਪਾਰੀਆਂ ਅਤੇ ਉਹਨਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਜੇਲਾਂ ਚ ਡੱਕਣ ਅਤੇ ਨਸ਼ੇ ਤੋਂ ਪੀੜਤਾਂ ਦੇ ਢੁਕਵੇਂ ਇਲਾਜ ਤੇ ਮੁੜ ਵਸੇਬਾ ਦਾ ਪ੍ਰਬੰਧ ਕਰਨ ਆਦਿ ਮੰਗਾਂ ਦੀ ਵੀ ਮੰਗ ਕੀਤੀ। ਇਸ ਧਰਨੇ ਨੂੰ ਤਰਸੇਮ ਸਿੰਘ , ਰਾਜਾ ਸਿੰਘ ਖੂਨਣ ਖੁਰਦ, ਕਾਲ਼ਾ ਸਿੰਘ ਸਿੰਘੇਵਾਲਾ, ਬਾਜ਼ ਸਿੰਘ ਭੁੱਟੀਵਾਲਾ ਤੇ ਰਾਮਪਾਲ ਗੱਗੜ ਤੋਂ ਇਲਾਵਾ ਕਿਸਾਨ ਆਗੂ ਮਲਕੀਤ ਸਿੰਘ ਗੱਗੜ ,ਹਰਫੂਲ ਸਿੰਘ ਭਾਗਸਰ, ਅਜੈਬ ਸਿੰਘ ਮੱਲਣ,ਨਿਸ਼ਾਨ ਸਿੰਘ ਕੱਖਾਂ ਵਾਲੀ, ਹਰਪਾਲ ਸਿੰਘ ਕਿੱਲਿਆਂਵਾਲੀ ਆਦਿ ਆਗੂਆਂ ਨੇ ਸੰਬੋਧਨ ਕੀਤਾ।