ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਦਫ਼ਤਰੀ ਕੰਮ ਠੱਪ
ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਦਫ਼ਤਰੀ ਕੰਮ ਠੱਪ
Publish Date: Mon, 16 Mar 2026 04:35 PM (IST)
Updated Date: Mon, 16 Mar 2026 04:37 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਰਾਜ ਜਿਲ੍ਹਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੂੰ ਬੀਤੇ ਦਿਨੀ ਪੁਲਿਸ ਵੱਲੋਂ ਗੈਰ ਮਨੁੱਖੀ ਢੰਗ ਨਾਲ ਗ੍ਰਿਫ਼ਤਾਰ ਕਰਕੇ ਜ਼ਲੀਲ ਕਰਨ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦੇ ਰੋਸ ’ਚ ਅੱਜ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪੂਰਾ ਦਿਨ ਦਫ਼ਤਰੀ ਕੰਮ-ਕਾਜ ਠੱਪ ਰੱਖਿਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਡੀਸੀ ਦਫ਼ਤਰ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਅੱਜ 16 ਮਾਰਚ ਨੂੰ ਦਫ਼ਤਰੀ ਦੇ ਸਮੂਹ ਕਰਮਚਾਰੀਆਂ ਵੱਲੋਂ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਸਰਕਾਰ ਵੱਲੋਂ ਡਰਾਉਣ ਧਮਕਾਉਣ ਦੇ ਮਨਸ਼ੇ ਨਾਲ ਗੈਰ ਮਨੁੱਖੀ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਪ੍ਰੰਤੂ ਉਹ ਆਗੂਆਂ ਵੱਲੋਂ ਚੁੱਕੀ ਜਾਂਦੀ ਹੱਕ ਦੀ ਆਵਾਜ਼ ਨੂੰ ਕਿਸੇ ਵੀ ਤਰੀਕੇ ਨਾਲ ਦਬਾ ਨਹੀਂ ਸਕਦੇ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ ਮਿਤੀ 17 ਮਾਰਚ ਨੂੰ ਅਮ੍ਰਿਤਸਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੂਬਾ ਪ੍ਰਧਾਨ ਨਾਲ ਕੀਤੀਆਂ ਗਈਆਂ ਵਧੀਕੀਆਂ ਦੀ ਪੋਲ ਖੋਲ੍ਹੀ ਜਾਵੇਗੀ। ਇਸ ਸਬੰਧੀ ਜਥੇਬੰਦੀ ਦੇ ਸੀਨੀਅਰ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਬਾਠ, ਹਰਬੰਸ ਸਿੰਘ, ਓਮਪਾਲ, ਜਗਪ੍ਰੀਤ ਸਿੰਘ, ਮੋਹਿਤ, ਬਲਰਾਜ, ਰਮਨਦੀਪ ਕੌਰ ਅਤੇ ਦੀਕਸ਼ਾ ਆਦਿ ਕਰਮਚਾਰੀ ਹਾਜ਼ਰ ਸਨ।