ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਆਦੇਸ਼ ਡੀਸੀ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਆਦੇਸ਼
Publish Date: Thu, 24 Sep 2026 07:38 PM (IST)
Updated Date: Fri, 25 Sep 2026 04:10 AM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਖਰੀਦ ਸਮੇਂ ਝੋਨੇ ’ਚ ਨਮੀ ਦੀ ਮਾਤਰਾ 17 ਫੀਸਦੀ ਤੱਕ ਹੋਣੀ ਚਾਹੀਦੀ ਹੈ। ਡੀਸੀ ਨੇ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ’ਚ ਕਿਸਾਨਾਂ ਅਤੇ ਹੋਰ ਲੋਕਾਂ ਲਈ ਪੀਣ ਵਾਲੇ ਸਾਫ ਪਾਣੀ, ਸਾਫ-ਸਫਾਈ ਅਤੇ ਲੋੜੀਂਦੀਆਂ ਲਾਈਟਾਂ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਮੰਡੀ ਅਫਸਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆ ਪੈਦਾ ਨਾ ਹੋਣ ਦਿੱਤੀ ਜਾਵੇ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ, ਲਿਫਟਿੰਗ ਅਤੇ ਹੋਰ ਸਬੰਧਤ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ। ਉਨ੍ਹਾਂ ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨੂੰ ਵੀ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐਸਡੀਐਮ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।