ਸ੍ਰੀ ਚੈਤਨਿਆ ਟੈਕਨੋ ਸਕੂਲ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਪ੍ਰੋਗਰਾਮ ਸ੍ਰੀ ਚੈਤਨਿਆ ਟੈਕਨੋ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਪ੍ਰੋਗਰਾਮ
Publish Date: Thu, 24 Sep 2026 04:18 PM (IST)
Updated Date: Fri, 25 Sep 2026 04:01 AM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ਼੍ਰੀ ਚੈਤਨਿਆ ਟੈਕਨੋ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਡੇਂਗੂ ਫੈਲਾਉਣ ਵਾਲੇ ਏਡਿਸ ਮੱਛਰ, ਇਸਦੇ ਪ੍ਰਜਣਨ ਸਥਾਨਾਂ, ਡੇਂਗੂ ਦੇ ਲੱਛਣਾਂ, ਫੈਲਣ ਦੇ ਕਾਰਨਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਲਖਬੀਰ ਕੌਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਕੀਰਤਨ ਸਿੰਘ, ਜ਼ਿਲ੍ਹਾ ਸਿਹਤ ਇੰਸਪੈਕਟਰ ਭਗਵਾਨ ਦਾਸ, ਲਾਲ ਚੰਦ ਅਤੇ ਵਕੀਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਏਡਿਸ ਮੱਛਰ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ। ਇਸ ਲਈ ਘਰਾਂ, ਸਕੂਲਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣਾ ਬਹੁਤ ਜ਼ਰੂਰੀ ਹੈ। ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੇ ਭਾਂਡਿਆਂ ਨੂੰ ਨਿਯਮਿਤ ਤੌਰ ’ਤੇ ਖਾਲੀ ਕਰਕੇ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ ਗਈ। ਵਿਦਿਆਰਥੀਆਂ ਨੂੰ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਸਮੇਂ ਸਿਰ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਡੇਂਗੂ ਅਤੇ ਚਿਕਨਗੁਨੀਆ ਸਬੰਧੀ ਟੈਸਟ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ’ਚ ਮੁਫ਼ਤ ਉਪਲਬਧ ਹਨ। ਇਸਤੋਂ ਇਲਾਵਾ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਲਈ ਗੂਗਲ ਪਲੇ ਸਟੋਰ ਤੋਂ ਮੁਫ਼ਤ “ਡੇਂਗੂ ਫ੍ਰੀ ਪੰਜਾਬ” ਐਪ ਵੀ ਡਾਊਨਲੋਡ ਕੀਤੀ ਜਾ ਸਕਦੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਸ਼ਾ ਟੱਕਰ ਨੇ ਸਿਹਤ ਵਿਭਾਗ ਤੋਂ ਪਹੁੰਚੇ ਸਾਰੇ ਅਧਿਕਾਰੀਆਂ ਅਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਨਿਸ਼ਾ ਟੱਕਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਡੇਂਗੂ ਤੋਂ ਬਚਾਅ ਸਬੰਧੀ ਹੋਰਨਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਬਣਾਉਣ ਲਈ ਹਰੇਕ ਵਿਅਕਤੀ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਨੂੰ ਸਿਹਤ ਅਤੇ ਸਫ਼ਾਈ ਸਬੰਧੀ ਜਾਗਰੂਕ ਕੀਤਾ ਜਾਂਦਾ ਰਹੇਗਾ। ਅੰਤ ’ਚ ਪ੍ਰਿੰਸੀਪਲ ਨਿਸ਼ਾ ਟੱਕਰ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਦਾ ਸਕੂਲ ’ਚ ਪਹੁੰਚ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਦਿਲੋਂ ਧੰਨਵਾਦ ਕੀਤਾ ਗਿਆ। ਸਕੂਲ ਵੱਲੋਂ ਭਵਿੱਖ ’ਚ ਵੀ ਅਜਿਹੇ ਸਿਹਤ ਜਾਗਰੂਕਤਾ ਪ੍ਰੋਗਰਾਮਾਂ ਲਈ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ ਗਈ।