ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
Publish Date: Mon, 13 Apr 2026 06:24 PM (IST)
Updated Date: Mon, 13 Apr 2026 06:28 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ’ਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ’ਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਟਰਾਂਸਪੋਰਟਾਂ ਅਤੇ ਢੋਆ ਢੁਆਈ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦਾ ਭੰਡਾਰਨ ਕਰਨ ਲਈ ਢੁਕਵੀਆਂ ਥਾਵਾਂ ਦਾ ਅਗੇਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਬੰਧਿਤ ਐਸਡੀਐਮਜ਼ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ’ਚ ਨਿਰੰਤਰ ਚੈਕਿੰਗ ਜਾਰੀ ਰੱਖੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ ਦੀ ਕੋਈ ਕਮੀ ਪੇਸ਼ ਨਾ ਆਵੇ ਅਤੇ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਮੁਕੰਮਲ ਕਰ ਲਏ ਜਾਣ। ਇਸ ਮੌਕੇ ਹਿਮਾਂਸੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਬੀਤੇ ਦਿਨ ਤੱਕ 230 ਮੀਟਰਕ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 5 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ, ਗੁਰਕਿਰਨਦੀਪ ਸਿੰਘ ਸਿੱਧੂ ਐਸਡੀਐਮ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਐਸਡੀਐਮ ਗਿੱਦੜਬਾਹਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।