ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਵੱਖ-ਵੱਖ ਨਾਕਿਆਂ ਤੇ ਥਾਣਾ ਗਿੱਦੜਬਾਹਾ ਦੀ ਅਚਨਚੇਤ ਚੈਕਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਐਸਐਸਪੀ ਅਭਿਮੰਨਿਊ ਰਾਣਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਅੰਦਰ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਨਾਕਿਆਂ ਅਤੇ ਥਾਣਾ ਗਿੱਦੜਬਾਹਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸਐਸਪੀ ਵੱਲੋਂ ਜ਼ਿਲ੍ਹੇ ’ਚ ਲਗਾਏ ਨਾਕਿਆਂ ’ਤੇ ਜਾ ਕੇ ਪੁਲਿਸ ਦੇ ਕੰਮਕਾਜ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਵਾਹਨਾਂ ਦੀ ਚੈਕਿੰਗ, ਰਜਿਸਟਰ ਰਿਕਾਰਡ, ਸੀਸੀਟੀਵੀ ਕੈਮਰਿਆਂ ਦੀ ਕਾਰਗੁਜ਼ਾਰੀ, ਰਾਤ ਸਮੇਂ ਡਿਊਟੀ ਲਈ ਰਿਫਲੈਕਟਰ ਜੈਕਟਾਂ, ਬੈਰੀਕੇਡਿੰਗ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਚੁਸਤਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਐਸਐਸਪੀ ਨੇ ਖਾਸ ਤੌਰ ’ਤੇ ਵਾਇਰਲੈਸ ਸੈੱਟ ਦੀ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ, ਤਾਂ ਜੋ ਕਿਸੇ ਵੀ ਸ਼ੱਕੀ ਵਾਹਨ ਜਾਂ ਵਿਅਕਤੀ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਕੇ ਮੌਕੇ ’ਤੇ ਕਾਰਵਾਈ ਕੀਤੀ ਜਾ ਸਕੇ। ਵੱਖ ਵੱਖ ਨਾਕਿਆਂ ਸਮੇਤ ਹੋਰ ਮਹੱਤਵਪੂਰਨ ਥਾਵਾਂ ’ਤੇ ਚੈਕਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਐਸਐਸਪੀ ਵੱਲੋਂ ਥਾਣਾ ਗਿੱਦੜਬਾਹਾ ਦੀ ਅਚਨਚੇਤ ਚੈਕਿੰਗ ਦੌਰਾਨ ਥਾਣੇ ਦੇ ਸਮੂਹ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਵੱਲੋਂ ਮਾਲਖਾਨਾ, ਅਸਲਾ ਰਿਕਾਰਡ, ਡਾਕ ਰਜਿਸਟਰ, ਮੈੱਸ, ਸੀ.ਸੀ.ਟੀ.ਵੀ ਕੈਮਰੇ, ਥਾਣਾ ਬਿਲਡਿੰਗ ਅਤੇ ਹੋਰ ਸਹੂਲਤਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਥਾਣੇ ਦੇ ਸਟਾਫ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਅਤੇ ਉਨ੍ਹਾਂ ਦੇ ਹੱਲ ਲਈ ਜਰੂਰੀ ਹਦਾਇਤਾਂ ਜਾਰੀ ਕੀਤੀਆਂ। ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਗਏ ਹਨ ਅਤੇ ਨਾਕਾਬੰਦੀ, ਗਸ਼ਤ ਅਤੇ ਥਾਣਾ ਪੱਧਰ ’ਤੇ ਚੈਕਿੰਗ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੀ ਤੁਰੰਤ ਸੁਣਵਾਈ ਯਕੀਨੀ ਬਣਾਈ ਜਾਵੇ, ਤਫ਼ਤੀਸ਼ ਅਧੀਨ ਮਾਮਲਿਆਂ ਨੂੰ ਤਰਜੀਹ ਦੇ ਕੇ ਨਿਪਟਾਇਆ ਜਾਵੇ ਅਤੇ ਹਰ ਨਾਗਰਿਕ ਨਾਲ ਸਨਮਾਨਪੂਰਵਕ ਵਿਵਹਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਥਾਣਿਆਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਭਰੋਸੇਯੋਗ ਅਤੇ ਸੁਚੱਜੀ ਸੇਵਾ ਮਿਲਣੀ ਚਾਹੀਦੀ ਹੈ, ਤਾਂ ਜੋ ਲੋਕਾਂ ਦਾ ਪੁਲਿਸ ’ਤੇ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ। ਅੰਤ ਵਿੱਚ ਅਭਿਮੰਨਿਊ ਰਾਣਾ, ਆਈਪੀਐਸ ਨੇ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਿਆਂ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਹੋਵੇ, ਤਾਂ ਉਹ ਤੁਰੰਤ ਪੁਲਿਸ ਹੈਲਪਲਾਈਨ ਨੰਬਰ 80549-42100 ’ਤੇ ਵਟਸਐਪ ਜਾਂ ਫੋਨ ਰਾਹੀਂ ਸੂਚਨਾ ਦੇ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।