ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸਾਂ ਸਬੰਧੀ ਕੱਢਿਆ ਡਰਾਅ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ 30 ਅਸਥਾਈ ਲਾਇਸੰਸਾਂ ਦਾ ਪਾਰਦਰਸ਼ੀ ਢੰਗ ਨਾਲ ਕੱਢਿਆ ਡਰਾਅ
Publish Date: Sat, 31 Oct 2026 06:12 PM (IST)
Updated Date: Sat, 31 Oct 2026 06:14 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਡਰਾਅ ਕੱਢਿਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਗੁਰਕਿਰਨਦੀਪ ਸਿੰਘ, ਮੌਜੂਦ ਰਹੇ। ਆਰਜ਼ੀ ਲਾਇਸੰਸ ਲਈ ਸੇਵਾ ਕੇਂਦਰਾਂ ਰਾਹੀਂ ਕੁੱਲ 1812 ਅਰਜ਼ੀਆਂ ਪ੍ਰਾਪਤ ਹੋਈਆਂ ਤੇ ਕੁੱਲ 30 ਆਰਜ਼ੀ ਲਾਇਸੰਸ ਦੀ ਚੋਣ ਡਰਾਅ ਰਾਹੀਂ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਗੁਰਕਿਰਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਇਸੰਸਾਂ ਦੀ ਵੰਡ ਦੀ ਸਮੁੱਚੀ ਪ੍ਰਕਿਰਿਆ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਗਈ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਲਾਇਸੰਸ ਧਾਰਕ ਦੀਵਾਲੀ ਦੇ ਤਿਉਹਾਰ ਮੌਕੇ ਮਿਤੀ 07 ਨਵੰਬਰ ਤੋਂ 09 ਨਵੰਬਰ, 2026 ਤੱਕ ਅਤੇ ਗੁਰਪੁਰਬ ਦੇ ਮੌਕੇ ਮਿਤੀ 23 ਨਵੰਬਰ ਅਤੇ 24 ਨਵੰਬਰ, 2026 ਨੂੰ ਹੀ ਪਟਾਕਿਆਂ ਦੀ ਵਿਕਰੀ ਕਰ ਸਕਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੇਵਲ ਅਲਾਟ ਕੀਤੇ ਗਏ ਨਿਰਧਾਰਿਤ ਸਥਾਨਾਂ ਅਤੇ ਨਿਰਧਾਰਿਤ ਮਿਤੀਆਂ ਦੌਰਾਨ ਹੀ ਪਟਾਕਿਆਂ ਦੀ ਵਿਕਰੀ ਕਰਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵਾਤਾਵਰਣ ਦੀ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਪਟਾਕਿਆਂ ਦੀ ਵਰਤੋਂ ਕਰਨ ਅਤੇ ਨਿਰਧਾਰਿਤ ਸਮੇਂ ਤੇ ਨਿਯਮਾਂ ਦੀ ਪਾਲਣਾ ਕਰਨ ’ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।