ਚੋਣ ਅਫ਼ਸਰ ਨੇ ਚੋਣਾਂ ਦੇ ਮੱਦੇਨਜ਼ਰ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੋਣ ਅਫ਼ਸਰ ਨੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ
Publish Date: Fri, 12 Dec 2025 05:02 PM (IST)
Updated Date: Fri, 12 Dec 2025 05:03 PM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਭਿਜੀਤ ਕਪਲਿਸ਼ ਨੇ ਵੀਰਵਾਰ ਦੇਰ ਸ਼ਾਮ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ’ਚ ਮੀਟਿੰਗ ਕਰਕੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅਗੇਤੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀਆਂ ਰਿਹਰਸਲਾਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਸਮੂਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਸੁਚਾਰੂ ਢੰਗ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਹਦਾਇਤ ਕਰਦਿਆਂ ਕਿਹਾ ਕਿ ਚੋਣ ਸਮੱਗਰੀ ਦੀ ਉਪਲਬਧਤਾ, ਸਟੋਰਜ ਤੇ ਵੰਡ ਸਬੰਧੀ ਖ਼ਾਸ ਯੋਜਨਾ ਉਲੀਕੀ ਜਾਵੇ, ਜਿਸ ਤਹਿਤ ਬੈਲਟ ਬਾਕਸ, ਬੈਲਟ ਪੇਪਰ, ਵੋਟਰ ਸੂਚੀਆਂ ਤੇ ਹੋਰ ਲੋੜੀਂਦੀ ਚੋਣ ਸਮੱਗਰੀ ਦੀ ਸੁਰੱਖਿਅਤ ਤਰੀਕੇ ਨਾਲ ਚੈੱਕਿੰਗ ਤੇ ਡਿਸਪੈਚ ਦੀ ਵਿਵਸਥਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਦਾ ਪੂਰਨ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਫੋਰਸ, ਪੈਟਰੋਲਿੰਗ ਤੇ ਨਿਗਰਾਨੀ ਦੀਆਂ ਵਿਵਸਥਾਵਾਂ ਕਰਨੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਵੋਟਰ ਬਿਨਾਂ ਕਿਸੇ ਦਬਾਅ ਤੇ ਡਰ-ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਕਣ। ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਹਰ ਯੋਗ ਵੋਟਰ ਚੋਣਾਂ ਦੌਰਾਨ ਆਪਣੀ ਭੂਮਿਕਾ ਨਿਭਾਉਂਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਲੋਕਤੰਤਰ ਮਜ਼ਬੂਤ ਹੋ ਸਕੇ। ਇਸ ਮੌਕੇ ਐਸਐਸਪੀ ਅਭਿਮੰਨਿਊ ਰਾਣਾ, ਮੁੱਖ ਮੰਤਰੀ ਖੇਤਰੀ ਅਫਸਰ ਸ਼ਿਵਾਂਸ਼ ਅਸਥਾਨਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।