ਖੁੰਡੇ ਹਲਾਲ ਵਿਖੇ ਮੀਟਰ ਉਤਾਰਨ ਆਈ ਟੀਮ ਨੂੰ ਪਿਆ ਖਾਲੀ ਹੱਥ ਪਰਤਣਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਿਰੋਧ ਅੱਗੇ ਝੁਕਿਆ ਬਿਜਲੀ ਮਹਿਕਮਾ
Publish Date: Wed, 18 Nov 2026 03:20 PM (IST)
Updated Date: Wed, 18 Nov 2026 03:21 PM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖੁੰਡੇ ਹਲਾਲ ਵਿਖੇ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਬਿਜਲੀ ਮਹਿਕਮੇ ਦੇ ਅਧਿਕਾਰੀ ਗਰੀਬ ਪਰਿਵਾਰਾਂ ਦੇ ਘਰਾਂ ਵਿੱਚੋਂ ਬਿਜਲੀ ਮੀਟਰ ਉਤਾਰਨ ਲਈ ਪਹੁੰਚੇ। ਇਸ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਡੱਟਵਾਂ ਵਿਰੋਧ ਪ੍ਰਦਰਸ਼ਨ ਕੀਤਾ। ਲੋਕਾਂ ਦੇ ਭਾਰੀ ਵਿਰੋਧ ਅਤੇ ਏਕਤਾ ਅੱਗੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਦੀ ਇੱਕ ਨਾ ਚੱਲੀ ਅਤੇ ਉਨ੍ਹਾਂ ਨੂੰ ਮੀਟਰ ਉਤਾਰੇ ਬਿਨਾਂ ਹੀ ਖਾਲੀ ਹੱਥ ਵਾਪਸ ਪਰਤਣਾ ਪਿਆ। ਇਸ ਮੌਕੇ ਪਿੰਡ ’ਚ ਇਕੱਠੇ ਹੋਏ ਵਿਸ਼ਾਲ ਇਕਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਪੱਸ਼ਟ ਸ਼ਬਦਾਂ ’ਚ ਆਖਿਆ ਕਿ ਮਹਿੰਗਾਈ ਦੇ ਇਸ ਦੌਰ ’ਚ ਮਿਹਨਤਕਸ਼ ਅਤੇ ਗਰੀਬ ਪਰਿਵਾਰ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤਾਂ ’ਚ ਗਰੀਬਾਂ ਦੇ ਘਰਾਂ ਦੀ ਬਿਜਲੀ ਕੱਟਣਾ ਜਾਂ ਮੀਟਰ ਉਤਾਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੁਨਿਆਦੀ ਹੱਕਾਂ ਦੀ ਰਾਖੀ ਲਈ ਸਮੂਹ ਪਿੰਡ ਵਾਸੀਆਂ ਨੂੰ ਹਰ ਸਮੇਂ ਇਕਜੁੱਟ ਹੋ ਕੇ ਪਹਿਰਾ ਦੇਣ ਦੀ ਲੋੜ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਹਿਕਮੇ ਵੱਲੋਂ ਗਰੀਬ ਵਰਗ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਅਜਿਹੀਆਂ ਕਾਰਵਾਈਆਂ ਨੂੰ ਬੰਦ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਸੀ ਏਕਤਾ ਦਾ ਸੁਨੇਹਾ ਦਿੱਤਾ ਅਤੇ ਮਜ਼ਦੂਰ ਪੱਖੀ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ।