ਬੇਰੁਜ਼ਗਾਰ ਲਾਈਨਮੈਨਾਂ ’ਤੇ ਲਾਠੀਚਾਰਜ ਖ਼ਿਲਾਫ਼ ਮੁਲਾਜ਼ਮ ਜਥੇਬੰਦੀਆਂ ਵੱਲੋਂ ਬਰੀਵਾਲਾ ਵਿਖੇ ਰੋਸ ਪ੍ਰਦਰਸ਼ਨ
ਬੇਰੁਜ਼ਗਾਰ ਲਾਈਨਮੈਨਾਂ ’ਤੇ ਲਾਠੀਚਾਰਜ ਖ਼ਿਲਾਫ਼ ਮੁਲਾਜ਼ਮ ਜਥੇਬੰਦੀਆਂ ਵਲੋਂ ਬਰੀਵਾਲਾ ਵਿਖੇ ਰੋਸ ਪ੍ਰਦਰਸ਼ਨ
Publish Date: Mon, 08 Jun 2026 03:24 PM (IST)
Updated Date: Mon, 08 Jun 2026 03:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੰਡੀ ਬਰੀਵਾਲਾ : ਪਟਿਆਲਾ ਵਿਖੇ ਪਿਛਲੇ ਦਿਨੀਂ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਵੱਲੋਂ ਨਵੀਆਂ ਅਸਾਮੀਆਂ ਦੇ ਨੋਟੀਫਿਕੇਸ਼ਨ ਲਈ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਬੇਤਾਸ਼ਾ ਲਾਠੀਚਾਰਜ ਦੇ ਵਿਰੋਧ ’ਚ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ, ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਪੰਜਾਬ ਪੁਲਿਸ ਦੀ ਸ਼ਹਿ ’ਤੇ ਹੋਏ ਇਸ ਤਸ਼ੱਦਦ, ਜਿਸ ਵਿੱਚ ਕਈ ਨੌਜਵਾਨ ਗੰਭੀਰ ਫੱਟੜ ਹੋਏ ਸਨ, ਦੇ ਖ਼ਿਲਾਫ਼ ਅੱਜ ਸਬ ਡਿਵੀਜ਼ਨ ਬਰੀਵਾਲਾ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਭੰਗਲ, ਟੈਕਨੀਕਲ ਸਰਵਿਸ ਯੂਨੀਅਨ,ਇੰਮਪਲਾਇਜ ਫੈਡਰੇਸ਼ਨ, ਪਾਵਰ ਕੌਮ ਐਂਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ, ਐਮਯੂਓ ਆਦਿ ਜਥੇਬੰਦੀਆਂ ਵੱਲੋਂ ਬੇਰੁਜ਼ਗਾਰ ਲਾਈਨਮੈਨਾਂ ਦੇ ਹੱਕ ’ਚ ਪ੍ਰਦਰਸ਼ਨ ਕੀਤਾ ਗਿਆ ਅਤੇ ਗੇਟ ਰੈਲੀ ਕਰਕੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਲਾਜ਼ਮ ਆਗੂਆਂ ਗੁਰਾਂਦਿੱਤਾ ਸਿੰਘ, ਬਲਜਿੰਦਰ ਸਿੰਘ ਅਤੇ ਸੁੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਬੇਰੁਜ਼ਗਾਰਾਂ ਅਤੇ ਕੱਚੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਅੱਜ ਸਮਾਂ ਆਉਣ ’ਤੇ ਸਰਕਾਰ ਆਪਣੀਆਂ ਹੱਕੀ ਮੰਗਾਂ ਮੰਗ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ’ਤੇ ਦਬਾ ਰਹੀ ਹੈ। ਉਨ੍ਹਾਂ ਆਖਿਆ ਕਿ ਯੋਗਤਾ ਪ੍ਰਾਪਤ ਨੌਜਵਾਨਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰਨਾ ਸਰਕਾਰ ਦੀ ਨਾਕਾਮੀ ਦਾ ਪ੍ਰਤੀਕ ਹੈ। ਆਗੂਆਂ ਨੇ ਮੰਗ ਕੀਤੀ ਕਿ ਨਿਹੱਥੇ ਬੇਰੁਜ਼ਗਾਰਾਂ ’ਤੇ ਅੰਨ੍ਹਾ ਲਾਠੀਚਾਰਜ ਕਰਨ ਵਾਲੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਸੰਘਰਸ਼ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਸਿਰ ਪਾਏ ਗਏ ਸਾਰੇ ਝੂਠੇ ਪੁਲਿਸ ਪਰਚੇ ਤੁਰੰਤ ਰੱਦ ਕੀਤੇ ਜਾਣ। ਮਹਿਕਮੇ ਅੰਦਰ ਨਵੀਆਂ ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਬੇਰੁਜ਼ਗਾਰਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਪਾਵਰਕੌਮ ਸਮੇਤ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਹਰ ਤਰ੍ਹਾਂ ਦੇ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਰੈਗੂਲਰ ਮੁਲਾਜ਼ਮਾਂ ਸਿਰ ਪਾਇਆ ਜਾ ਰਿਹਾ ਬੇਲੋੜਾ ਕੰਮ ਦਾ ਬੋਝ ਨਵੀਂ ਭਰਤੀ ਕਰਕੇ ਘਟਾਇਆ ਜਾਵੇ। ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕੀਤੀ ਜਾਵੇ ਅਤੇ ਬਕਾਇਆ ਰਹਿੰਦਾ ਡੀਏ (ਮਹਿੰਗਾਈ ਭੱਤਾ) ਜਲਦ ਜਾਰੀ ਕੀਤਾ ਜਾਵੇ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਦੋ-ਟੁੱਕ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਕਤ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਦਿਨਾਂ ’ਚ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਇਕੱਠੀਆਂ ਹੋ ਕੇ ਸਰਕਾਰ ਖ਼ਿਲਾਫ਼ ਇੱਕ ਆਰ-ਪਾਰ ਦਾ ਵੱਡਾ ਸਾਂਝਾ ਸੰਘਰਸ਼ ਵਿੱਢਣਗੀਆਂ, ਜਿਸਦਾ ਖ਼ਮਿਆਜ਼ਾ ਮਾਨ ਸਰਕਾਰ ਨੂੰ ਭਵਿੱਖ ’ਚ ਭੁਗਤਣਾ ਪਵੇਗਾ। ਇਸ ਰੋਸ ਪ੍ਰਦਰਸ਼ਨ ਅਤੇ ਗੇਟ ਰੈਲੀ ਦੌਰਾਨ ਹੋਰਨਾਂ ਤੋਂ ਇਲਾਵਾ ਆਗੂ ਜਗਵੀਰ ਸਿੰਘ, ਸੁਰਿੰਦਰ ਸਿੰਘ, ਅਮਰਿੰਦਰ ਸਿੰਘ, ਜੀਤ ਸਿੰਘ, ਸੁਖਬੀਰ ਸਿੰਘ ਅਤੇ ਦਵਿੰਦਰ ਕੁਮਾਰ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ।