ਮੁਲਾਜ਼ਮ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਅਰਥੀ ਫੂਕ ਮੁਜ਼ਾਹਰਾ
ਮੁਲਾਜ਼ਮ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਮੂਹਰੇ ਕੀਤਾ ਅਰਥੀ ਫੂਕ ਮੁਜਾਹਰਾ
Publish Date: Fri, 06 Mar 2026 05:58 PM (IST)
Updated Date: Fri, 06 Mar 2026 06:00 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਡੀਸੀ ਦਫ਼ਤਰ ਮੂਹਰੇ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ। ਇਸ ਦੌਰਾਨ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪੀਐਸਐਮਐਸਯੂ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਖਾਲੀ ਅਸਾਮੀਆਂ ਭਰਨ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਅਤੇ ਬਕਾਇਆ ਜਾਰੀ ਕਰਨ ਆਦਿ ਦੀ ਪੂਰਤੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪ੍ਰੰਤੂ ਹਰ ਵਾਰ ਸਰਕਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਤੋਂ ਭੱਜ ਜਾਂਦੀ ਹੈ। ਇਸ ਮੌਕੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦੀਪਕ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ 2022 ਦੀ ਦੀਵਾਲੀ ਮੌਕੇ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਲਾਗੂ ਕਰਨ ਤੋਂ 3 ਸਾਲ ਤੋਂ ਵੀ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਵੀ ਇਸਦੀ ਐਸਓਪੀ ਜਾਰੀ ਕਰਕੇ ਮੁਲਾਜ਼ਮਾਂ ਦੇ ਜੀਪੀਐਫ ਖਾਤੇ ਨਹੀਂ ਖੋਲ੍ਹੇ। ਆਗੂਆਂ ਦੇ ਦੱਸਿਆ ਕਿ ਸੂਬਾ ਪੱਧਰੀ ਜਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਅੱਜ ਜਿਲ੍ਹਾ ਮੁਕਾਮ ਤੇ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ ਅਤੇ ਹੁਣ 8 ਮਾਰਚ ਨੂੰ ਜਿਲ੍ਹੇ ਦੇ ਸਮੂਹ ਕਰਮਚਾਰੀ ਮੁਹਾਲੀ ਵਿਖੇ ਰੈਲੀ ਵਿੱਚ ਸ਼ਾਮਲ ਹੋਣਗੇ ਅਤੇ ਵਿਧਾਨ ਸਭਾ ਦਾ ਘਿਰਾਓ ਕਰਨਗੇ।