ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਦਫ਼ਤਰ ਘੇਰਿਆ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ
Publish Date: Sat, 11 Jul 2026 05:07 PM (IST)
Updated Date: Sat, 11 Jul 2026 05:09 PM (IST)
ਜਤਿੰਦਰ ਸਿਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ ਗਏ ਸੰਘਰਸ਼ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਮਲੋਟ ਦੀ ਦਾਣਾ ਮੰਡੀ ’ਚ ਭਰਵੀਂ ਰੋਸ ਰੈਲੀ ਕੀਤੀ ਗਈ। ਇਸਤੋਂ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਮਿਮਿਟ ਕਾਲਜ ਵਿਖੇ ਸਥਿਤ ਦਫ਼ਤਰ ਦਾ ਘਿਰਾਓ ਵੀ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕਰਮਚਾਰੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ, ਜਿਨ੍ਹਾਂ ਵਿੱਚੋਂ ਜਿੱਥੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਤੋਂ ਲੈ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨਾ ਸੀ, ਪ੍ਰੰਤੂ ਸਰਕਾਰ ਬਣਨ ਦੇ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਜਿਸਦਾ ਸਮੁੱਚੇ ਕਰਮਚਾਰੀ ਵਰਗ ਅਤੇ ਪੈਨਸ਼ਨਰ ਵਰਗ ਵਿੱਚ ਭਰਵਾਂ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਚੋਣਾਂ ਦੌਰਾਨ ਕਰਮਚਾਰੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡਾ ਫ਼ਤਵਾ ਦਿੱਤਾ ਗਿਆ ਸੀ ਅਤੇ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਉਪਰੰਤ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਪਹਿਲੀ ਵਾਰ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਸੀ, ਪ੍ਰੰਤੂ ਜਿੱਥੇ ਹੁਣ ਸਰਕਾਰ ਚੋਣਾਂ ਦੌਰਾਨ ਕੀਤੇ ਗਏ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਮੁੱਕਰ ਰਹੀ ਹੈ, ਉੱਥੇ ਹੀ ਨਿੱਤ ਰੋਜ਼ ਨਵੇਂ ਮੁਲਾਜ਼ਮ ਮਾਰੂ ਪੱਤਰ ਜਾਰੀ ਕਰਕੇ ਆਪਣਾ ਕਰਮਚਾਰੀ ਵਿਰੋਧੀ ਚਿਹਰਾ ਦਿਖਾ ਰਹੀ ਹੈ। ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਇੱਕ ਰਵੱਈਏ ਦੇ ਖਿਲਾਫ਼ ਹੁਣ ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਇੱਕ ਝੰਡੇ ਹੇਠ ਇਕੱਠੀਆਂ ਹੋ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ 7 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਵੱਡੀ ਗਿਣਤੀ ’ਚ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਆਪਣਾ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਹੁਣ ਮਿੱਥੇ ਗਏ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 17 ਜੂਨ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਇਕੱਠ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਮੁਹਾਲੀ ਵੱਲ ਕੂਚ ਕਰਨਗੇ। ਇਸ ਰੈਲੀ ’ਚ ਪੈਨਸ਼ਨਰ ਵਰਗ ਦੇ ਸਾਥੀਆਂ ਵੱਲੋਂ ਭਰਵੀਂ ਸਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂਆਂ ਹਰਜੀਤ ਸਿੰਘ, ਬਲਦੇਵ ਸਿੰਘ ਸਾਹੀਵਾਲ, ਵਿਕਰਮਜੀਤ ਸਿੰਘ, ਡਾਕਟਰ ਅਮਨਦੀਪ ਸਿੰਘ, ਜੀਵਨ ਵਧਾਈ, ਰਾਮਜੀਤ ਸਿੰਘ, ਰਕੇਸ਼ ਕੁਮਾਰ ਜੈਨ, ਮਹਾਂਵੀਰ ਸ਼ਰਮਾ, ਭੁਪਿੰਦਰ ਸਿੰਘ ਬਿੱਟੂ, ਬਿਕਰ ਸਿੰਘ, ਨੱਥਾ ਸਿੰਘ, ਗੁਰਮੀਤ ਸਿੰਘ ਹੁੰਦਲ, ਰਣਜੀਤ ਸਿੰਘ, ਦਰਸ਼ਨ ਸਿੰਘ ਕਪੂਰ, ਰਜਿੰਦਰ ਸਿੰਘ ਬੱਲੂਆਣਾ, ਸੁਰਿੰਦਰ ਕੁਮਾਰ ਸ਼ਰਮਾ, ਅਮਰਜੀਤ ਸ਼ਰਮਾ, ਹਰਦੇਵ ਸਿੰਘ, ਕੁਲਬੀਰ ਸਿੰਘ ਪ੍ਰਿੰ. ਜਸਵੰਤ ਸਿੰਘ, ਬਸੰਤ ਸਿੰਘ, ਅਮਰਜੀਤ ਪਾਲ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਸਟੇਜ ਦਾ ਸੰਚਾਲਨ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਪਰਮਜੀਤ ਸਿੰਘ ਨੇ ਕੀਤਾ।