‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੇ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਅਭਿਆਨ
Publish Date: Fri, 30 Jan 2026 03:32 PM (IST)
Updated Date: Fri, 30 Jan 2026 03:34 PM (IST)

ਭੰਵਰਾ/ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੂਰੇ ਸੂਬੇ ’ਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸੜਕੀ ਹਾਦਸਿਆਂ ਤੋਂ ਬਚਾਅ ਲਈ ਟਰੈਫਿਕ ਜਾਗਰੂਕਤਾ ਅਭਿਆਨ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਿਰੰਤਰ ਅਤੇ ਵਿਸ਼ਾਲ ਪੱਧਰ ’ਤੇ ਜਾਗਰੂਕਤਾ ਪ੍ਰੋਗਰਾਮ ਅਤੇ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਐਸਐਸਪੀ ਅਭਿਮੰਨਿਊ ਰਾਣਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਜਿੱਥੇ ਇੱਕ ਪਾਸੇ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਨੌਜਵਾਨ ਵਰਗ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਲਈ ਜਾਗਰੂਕਤਾ ਨੂੰ ਖਾਸ ਤਰਜੀਹ ਦਿੱਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਵੱਖ-ਵੱਖ ਥਾਣਿਆਂ ਦੇ ਮੁਲਾਜ਼ਮਾਂ ਅਤੇ ਅਵੇਅਰਨੈਸ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਪਿੰਡਾਂ, ਸ਼ਹਿਰੀ ਸੱਥਾਂ, ਟੈਕਸੀ ਸਟੈਂਡਾਂ ਅਤੇ ਟਰਾਂਸਪੋਰਟ ਯੂਨਿਟਾਂ ’ਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਇਹ ਵੀ ਸਮਝਾਇਆ ਗਿਆ ਕਿ ਨਸ਼ੇ ਨਾ ਸਿਰਫ਼ ਸਿਹਤ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਪਰਿਵਾਰਕ, ਸਮਾਜਿਕ ਅਤੇ ਭਵਿੱਖੀ ਜੀਵਨ ਨੂੰ ਵੀ ਪ੍ਰਭਾਵਿਤ ਕਰਦੇ ਹਨ। ਇਸਦੇ ਨਾਲ ਹੀ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਤੇਜ਼ ਰਫ਼ਤਾਰ, ਬਿਨਾਂ ਹੈਲਮੈਟ, ਸੀਟ ਬੈਲਟ ਦੀ ਅਣਦੇਖੀ ਅਤੇ ਨਸ਼ੇ ਦੀ ਹਾਲਤ ’ਚ ਵਾਹਨ ਚਲਾਉਣ ਨਾਲ ਹੋਣ ਵਾਲੇ ਘਾਤਕ ਸੜਕੀ ਹਾਦਸਿਆਂ ਬਾਰੇ ਸਪਸ਼ਟ ਤੌਰ ’ਤੇ ਜਾਣੂ ਕਰਵਾਇਆ ਗਿਆ। ਇਸ ਮੁਹਿੰਮ ਦੇ ਤਹਿਤ ਪੁਲਿਸ ਵੱਲੋਂ ਖ਼ਾਸ ਤੌਰ ’ਤੇ ਪਿੰਡਾਂ ’ਚ ਸੱਥਾਂ ਅੰਦਰ ਅਤੇ ਪਿੰਡ ਪੱਧਰ ’ਤੇ ਜਾ ਕੇ ਸੈਮੀਨਾਰ ਅਤੇ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਆਮ ਲੋਕਾਂ ਨਾਲ ਸਿੱਧਾ ਅਤੇ ਭਰੋਸੇਯੋਗ ਸੰਪਰਕ ਕਾਇਮ ਕੀਤਾ ਜਾ ਸਕੇ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨਾਲ ਨਸ਼ਿਆਂ ਦੇ ਮਸਲੇ ’ਤੇ ਖੁੱਲ੍ਹ ਕੇ ਗੱਲਬਾਤ ਕੀਤੀ ਗਈ ਅਤੇ ਪਿੰਡ ਵਾਸੀਆਂ ਦੀਆਂ ਦੁੱਖ-ਤਕਲੀਫਾਂ, ਸਮਾਜਿਕ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਇਸ ਦੌਰਾਨ ਪਿੰਡਾਂ ’ਚ ਨਸ਼ਾ ਵੇਚਣ ਵਾਲੇ ਤੱਤਾਂ ਬਾਰੇ ਮਿਲੀਆਂ ਜਾਣਕਾਰੀਆਂ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਕਾਸੋ ਪ੍ਰੋਗਰਾਮਾਂ, ਨਾਕਾਬੰਦੀਆਂ ਅਤੇ ਰੇਡਾਂ ਰਾਹੀਂ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਜਿਨ੍ਹਾਂ ਪਿੰਡਾਂ ’ਚ ਨੌਜਵਾਨ ਨਸ਼ਿਆਂ ਦੀ ਲਪੇਟ ’ਚ ਹਨ, ਉਨ੍ਹਾਂ ਦੇ ਮਾਪਿਆਂ ਨਾਲ ਰਾਬਤਾ ਕਾਇਮ ਕਰਕੇ ਸਰਪੰਚਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਹਸਪਤਾਲਾਂ ’ਚ ਇਲਾਜ ਲਈ ਭੇਜਿਆ ਜਾ ਰਿਹਾ ਹੈ, ਜਿੱਥੇ ਡਾਕਟਰੀ ਦੇਖਰੇਖ ਹੇਠ ਇਲਾਜ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਨੂੰ ਮੁੜ ਸਿਹਤਮੰਦ ਜੀਵਨ ਵੱਲ ਲਿਆਂਦਾ ਜਾ ਸਕੇ। ਐਸਐਸਪੀ ਨੇ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਿਤ ਨਹੀਂ, ਸਗੋਂ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਸੜਕੀ ਹਾਦਸਿਆਂ ’ਚ ਕਮੀ ਲਿਆਉਣ ਲਈ ਲੋਕਾਂ ਨੂੰ ਸਚੇਤ ਕਰਨਾ ਵੀ ਹੈ। ਉਨ੍ਹਾਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਈ ਜਾਵੇ ਅਤੇ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਕੇ ਆਪਣੀ ਅਤੇ ਹੋਰਨਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਬਣਾਇਆ ਜਾਵੇ। ਸ੍ਰੀ ਮੁਕਤਸਰ ਸਾਹਿਬ ਪੁਲਿਸ ਜ਼ਿਲ੍ਹੇ ’ਚ ਅਮਨ-ਕਾਨੂੰਨ, ਨਸ਼ਾ ਮੁਕਤ ਸਮਾਜ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਜਾਗਰੂਕਤਾ ਅਭਿਆਨ ਅੱਗੇ ਵੀ ਨਿਰੰਤਰ ਜਾਰੀ ਰੱਖੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਪੁਲਿਸ ਦੇ ਹੈਲਪਲਾਈਨ ਨੰਬਰ 80549-42100 ਤੇ ਦਿਓ ਜਾਣਕਾਰੀ ਦੇਣ ਵਾਲਾ ਦਾ ਨਾਮ ਗੁਪਤ ਰੱਖਿਆ ਜਾਵੇਗਾ। ਜਾਗਰੂਕਤਾ ਪ੍ਰੋਗਰਾਮਾਂ/ਸੈਮੀਨਾਰਾਂ ਦਾ ਵੇਰਵਾ ਪਹਿਲੀ ਜਨਵਰੀ 2026 ਤੋਂ ਅੱਜ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੁੱਲ 51 ਜਾਗਰੂਕਤਾ ਪ੍ਰੋਗਰਾਮ/ਸੈਮੀਨਾਰ ਆਯੋਜਿਤ ਕੀਤੇ ਗਏ, ਜਿਨ੍ਹਾਂ ’ਚ ਸਕੂਲਾਂ ਅਤੇ ਕਾਲਜਾਂ ’ਚ 12 ਜਾਗਰੂਕਤਾ ਸੈਮੀਨਾਰ, ਪਿੰਡਾਂ ਅਤੇ ਸ਼ਹਿਰਾਂ ਦੀਆਂ ਸੱਥਾਂ ’ਚ 11 ਸੈਮੀਨਾਰ, ਟਰਾਂਸਪੋਰਟ ਯੂਨਿਟਾਂ ਅਤੇ ਡਰਾਈਵਰਾਂ ਲਈ 17 ਜਾਗਰੂਕਤਾ ਸੈਮੀਨਾਰ ਨਸ਼ਿਆਂ ਅਤੇ ਟਰੈਫਿਕ ਜਾਗਰੂਕਤਾ ਸਬੰਧੀ 04 ਸਾਈਕਲ ਰੈਲੀਆਂ, 02 ਪੈਦਲ ਜਾਗਰੂਕਤਾ ਰੈਲੀਆਂ, ਜ਼ਿਲ੍ਹੇ ਦੀਆਂ ਵੱਖ-ਵੱਖ 05 ਥਾਵਾਂ ’ਤੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਈ ਗਈ। ਇਸਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਇੱਕ ਵੱਡੀ ਮੋਟਰਸਾਈਕਲ ਜਾਗਰੂਕਤਾ ਰੈਲੀ ਦਾ ਵੀ ਆਯੋਜਨ ਕੀਤਾ ਗਿਆ, ਜਿਸ ਦੌਰਾਨ ਪਿੰਡਾਂ ਅਤੇ ਸ਼ਹਿਰਾਂ ’ਚ ਜਾ ਕੇ ਨਸ਼ਾ ਮੁਕਤ ਸਮਾਜ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਦਾ ਸੰਦੇਸ਼ ਦਿੱਤਾ ਗਿਆ।