ਜ਼ਿਲ੍ਹਾ ਪੱਧਰੀ ਰੱਸਾ ਕਸੀ ’ਤੇ ਆਦਰਸ਼ ਸਕੂਲ ਦੀ ਝੰਡੀ
ਜ਼ਿਲ੍ਹਾ ਪੱਧਰੀ ਰੱਸਾ ਕਸੀ ਮੁਕਾਬਲੇ ’ਚ ਆਦਰਸ਼ ਸਕੂਲ ਕੋਟਭਾਈ ਦੀਆਂ ਲੜਕੀਆਂ ਦੀ ਝੰਡੀ
Publish Date: Wed, 25 Feb 2026 05:31 PM (IST)
Updated Date: Wed, 25 Feb 2026 05:34 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਰੱਸਾ ਕਸੀ ਮੁਕਾਬਲੇ ’ਚ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਬੀਤੇ ਦਿਨੀ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਨਹਿਰੂ ਯੂਵਾ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਆਯੋਜਿਤ ਕੀਤੇ ਗਏ। ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹੇ ਦੇ ਕਈ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਆਦਰਸ਼ ਸਕੂਲ ਕੋਟਭਾਈ ਦੀ ਰੱਸਾ ਕਸੀ ਲੜਕੀਆਂ ਦੀ ਟੀਮ ਨੇ ਫਾਈਨਲ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਾਬਤ ਕਰ ਦਿੱਤਾ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਅਤੇ ਮੌਕਾ ਮਿਲਣ ‘ਤੇ ਵੱਡੀਆਂ ਤੋਂ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਸਕਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਜੇਤੂ ਵਿਦਿਆਰਥੀਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕ ਜਗਦੀਸ਼ ਸਿੰਘ ਡੀਪੀਈ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ। ਸਮੂਹ ਸਕੂਲ ਸਟਾਫ ਨੇ ਵੀ ਇਸ ਜਿੱਤ ‘ਤੇ ਖੁਸ਼ੀ ਪ੍ਰਗਟ ਕਰਦਿਆਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।