- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
“ਗੈਂਗਸਟਰਾਂ ਤੇ ਵਾਰ” ਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਬੰਧੀ ਲੋਕਾਂ ਤੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

- ਪੁਲਿਸ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਅਪਰਾਧਿਕ ਸਰਗਰਮੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਤਹਿਤ ਅਭਿਮਨਿਊ ਰਾਣਾ, ਆਈਪੀਐੱਸ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਅਤੇ ਸੰਪਰਕ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ। ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਥਾਣਾ ਲੈਵਲ ਦੀਆਂ ਟੀਮਾਂ ਅਤੇ ਸਬੰਧਿਤ ਹਲਕਿਆਂ ਦੇ ਜੀਓ ਵੀ ਸ਼ਾਮਲ ਹਨ। ਇਹ ਟੀਮਾਂ ਪਿੰਡਾਂ ਅਤੇ ਸ਼ਹਿਰਾਂ ’ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਰਹੀਆਂ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੀਆਂ ਹਨ।
ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਪੁਲਿਸ ਨਾਲ ਤਾਲਮੇਲ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਇਲਾਕੇ ’ਚ ਨਸ਼ਾ ਵੇਚਿਆ ਜਾਂਦਾ ਹੈ ਜਾਂ ਕਿਸੇ ਵਿਅਕਤੀ ਵੱਲੋਂ ਨਸ਼ਿਆਂ ਦੀ ਤਸਕਰੀ ਕੀਤੀ ਜਾਂਦੀ ਹੈ ਤਾਂ ਉਸ ਸਬੰਧੀ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ। ਪੁਲਿਸ ਵੱਲੋਂ ਅਜਿਹੇ ਮਾਮਲਿਆਂ ’ਚ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਜੇਕਰ ਕਿਸੇ ਨੌਜਵਾਨ ਨੂੰ ਨਸ਼ੇ ਦੀ ਲਤ ਲੱਗ ਚੁੱਕੀ ਹੈ ਤਾਂ ਪੁਲਿਸ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ, ਪਿੰਡ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਤਾਲਮੇਲ ਕਰ ਕੇ ਉਸ ਦਾ ਇਲਾਜ ਨੇੜਲੇ ਆਊਟ ਸੈਂਟਰਾਂ ’ਚ ਕਰਵਾਉਣ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਐੱਸਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸੰਗਤ ਦਾ ਧਿਆਨ ਰੱਖੋ ਕਿਤੇ ਉਹ ਮਾੜੀ ਸੰਗਤ ਵਿੱਚ ਪੈ ਕੇ ਨਸ਼ਿਆਂ ਅਤੇ ਅਪਰਾਧਿਕ ਸਰਗਰਮੀਆਂ ਵੱਲ ਤਾਂ ਨਹੀਂ ਜਾ ਰਹੇ ਅਤੇ ਉਨ੍ਹਾਂ ਨੂੰ ਪੜ੍ਹਾਈ, ਖੇਡਾਂ ਅਤੇ ਹੋਰ ਚੰਗੀਆਂ ਸਰਗਰਮੀਆਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਸਰਗਰਮੀਆਂ ’ਤੇ ਧਿਆਨ ਰੱਖਣ ਅਤੇ ਉਨ੍ਹਾਂ ਨੂੰ ਚੰਗੇ ਸੰਸਕਾਰ ਦੇਣ ਤਾਂ ਜੋ ਉਹ ਗਲਤ ਰਾਹਾਂ ਤੋਂ ਬਚ ਸਕਣ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਿਆਂ ਦੀ ਤਸਕਰੀ, ਗੈਂਗਸਟਰਵਾਦ ਜਾਂ ਕਿਸੇ ਹੋਰ ਗੈਰਕਾਨੂੰਨੀ ਸਰਗਰਮੀ ਨਾਲ ਜੁੜਿਆ ਹੋਇਆ ਹੈ ਤਾਂ ਉਸ ਬਾਰੇ ਤੁਰੰਤ ਪੁਲਿਸ ਨੂੰ ਸੇਫ ਪੰਜਾਬ ਹੈਲਪਲਾਈਨ ਨੰਬਰ 9779100200, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ’ਤੇ ਜਾਣਕਾਰੀ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲਾ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੇ ਸਾਂਝੇ ਸਹਿਯੋਗ ਨਾਲ ਹੀ ਸਮਾਜ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਇਆ ਜਾ ਸਕਦਾ ਹੈ।