- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
“ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ’ਤੇ ਚੈਕਿੰਗ

ਪੰਜਾਬੀ ਜਾਗਰਣ ਟੀਮ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਅਭਿਮੰਨਿਊ ਰਾਣਾ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਲਈ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ’ਤੇ ਵਿਸ਼ੇਸ਼ ਸਰਚ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ। ਇਹ ਵਿਸ਼ੇਸ਼ ਸਰਚ ਅਭਿਆਨ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਇਕੱਠੇ ਤੌਰ ’ਤੇ ਚਲਾਇਆ ਗਿਆ, ਜਿਸ ’ਚ ਬੱਸ ਸਟੈਂਡਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਇਲਾਕਿਆਂ ’ਚ ਗਹਿਰਾਈ ਨਾਲ ਤਲਾਸ਼ੀ ਲਈ ਗਈ। ਇਸ ਮੌਕੇ ਬਚਨ ਸਿੰਘ ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਨਵੀਨਪਾਲ ਸਿੰਘ ਡੀਐਸਪੀ ਮਲੋਟ, ਅਰੁਣ ਮੁੰਡਨ ਡੀਐਸਪੀ ਗਿੱਦੜਬਾਹਾ ਤੇ ਹਰਬੰਸ ਸਿੰਘ ਡੀਐਸਪੀ (ਲੰਬੀ) ਵੱਲੋਂ ਪੁਲਿਸ ਕਰਮਚਾਰੀਆਂ ਸਮੇਤ ਆਪਣੀ-ਆਪਣੀ ਸਬ-ਡਿਵੀਜ਼ਨ ਦੇ ਬੱਸ ਸਟੈਂਡਾਂ ’ਤੇ ਵਿਸਤ੍ਰਿਤ ਸਰਚ ਓਪਰੇਸ਼ਨ ਕੀਤਾ ਗਿਆ। ਇਸ ਮੁਹਿੰਮ ਵਿੱਚ 180 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਰਹੇ। ਇਸ ਮੌਕੇ ਬਚਨ ਸਿੰਘ ਡੀਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਮੌਕੇ ’ਤੇ ਮੌਜੂਦ ਰਹਿ ਕੇ ਚੈਕਿੰਗ ਦੀ ਅਗਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਬੱਸ ਸਟੈਂਡਾਂ ’ਤੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ, ਸਮਾਨ ਅਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਬੱਸ ਸਟੈਂਡਾਂ ’ਤੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ। ਪੈਸ ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ। ਵਾਹਨ ਐਪ ਰਾਹੀਂ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਬੱਸ ਸਟੈਂਡ ਦੇ ਵੇਟਿੰਗ ਹਾਲ, ਪਾਰਕਿੰਗ ਅਤੇ ਆਲੇ-ਦੁਆਲੇ ਇਲਾਕਿਆਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਯਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਲਈ ਜਾਗਰੂਕ ਕੀਤਾ ਗਿਆ।