ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਕਿਸਾਨ ਨਰਮੇਂ ਦੀ ਫ਼ਸਲ ਦਾ ਸਰਵੇ ਜ਼ਰੂਰ ਕਰਨ : ਖੇਤੀਬਾੜੀ ਅਫ਼ਸਰ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਤਹਿਤ ਨਰਮੇ-ਕਪਾਹ ਦੀ ਮੁੜ ਸੁਰਜੀਤ ਲਈ ਸਾਖ਼ਰਤਾ ਅਭਿਆਨ
Publish Date: Tue, 14 Jul 2026 05:01 PM (IST)
Updated Date: Tue, 14 Jul 2026 05:03 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਮੁਕਤਸਰ ਦਿਹਾਤੀ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ 13 ਅਤੇ 14 ਜੁਲਾਈ 2026 ਨੂੰ ਦੋ ਰੋਜ਼ਾ ਕਿਸਾਨ ਟ੍ਰੇਨਿੰਗ ਆਯੋਜਿਤ ਕੀਤੀ ਗਈ। ਟ੍ਰੇਨਿੰਗ ਦੀ ਸ਼ੁਰੂਆਤ ਕਰਦਿਆਂ ਡਾ. ਮਨਮੀਤ ਸਿੰਘ, ਏਡੀਓ ਵੱਲੋਂ ਆਏ ਹੋਏ ਕਿਸਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਟ੍ਰੇਨਿੰਗ ਦੇ ਮੁੱਖ ਮੰਤਵ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਡਾ. ਜੋਬਨਦੀਪ ਸਿੰਘ (ਏਡੀਓ) ਵੱਲੋਂ ਕਿਸਾਨਾਂ ਨੂੰ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਨਰਮੇ/ਕਪਾਹ ਦੀ ਫਸਲ ’ਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਡਾ. ਸ਼ਵਿੰਦਰ ਸਿੰਘ (ਏਡੀਓ) ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੀ ਸਫ਼ਲ ਕਾਸ਼ਤ ਸਬੰਧੀ ਬਾਰੀਕੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਅਮਰਦੀਪ ਕੌਰ (ਬੀਟੀਐਮ) ਵੱਲੋਂ ਕਿਸਾਨਾਂ ਨੂੰ ਜ਼ਮੀਨ ਦੀ ਸਿਹਤ ਸੁਧਾਰਨ ਲਈ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਨਵਦੀਪ ਕੌਰ (ਏਐਸਆਈ) ਵੱਲੋਂ ਕਿਸਾਨਾਂ ਨੂੰ ਪੀਐਮ ਕਿਸਾਨ ਯੋਜਨਾ ਅਤੇ ਫਾਰਮਰ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਗਿਆ। ਟ੍ਰੇਨਿੰਗ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਡਿਪਟੀ ਡਾਇਰੈਕਟਰ ਕਪਾਹ, ਸ੍ਰੀ ਮੁਕਤਸਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ਼-ਸਫ਼ਾਈ ਰੱਖਣ ਅਤੇ ਨਰਮੇ ਦੀ ਫ਼ਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ-ਮਕੌੜਿਆਂ, ਖ਼ਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦਾ ਖ਼ਾਸ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਸਲਾਹ ਦਿੱਤੀ ਕਿ ਖੇਤਾਂ ’ਚ ਪੀਏਯੂ ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਅਤੇ ਨਦੀਨ ਨਾਸ਼ਕਾਂ ਦਾ ਹੀ ਸਪ੍ਰੇਅ ਕੀਤਾ ਜਾਵੇ। ਸਹਾਇਕ ਪੌਦਾ ਸੁਰੱਖਿਆ ਅਫਸਰ, ਡਾ. ਰਾਜਵਿੰਦਰ ਸਿੰਘ ਵੱਲੋਂ ਵਿਭਾਗ ਦੀਆਂ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਦੱਸਿਆ ਗਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਬਾਜ਼ਾਰ ਵਿੱਚੋਂ ਕੋਈ ਵੀ ਬੀਜ, ਖਾਦ ਜਾਂ ਖੇਤੀ ਦਵਾਈਆਂ (ਇਨਪੁੱਟਸ) ਖਰੀਦਣ ਸਮੇਂ ਦੁਕਾਨਦਾਰ ਤੋਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ। ਅੰਤ ’ਚ ਉਨ੍ਹਾਂ ਟ੍ਰੇਨਿੰਗ ’ਚ ਪਹੁੰਚੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਟ੍ਰੇਨਿੰਗ ਦਾ ਸਾਰਾ ਸੁਚੱਜਾ ਪ੍ਰਬੰਧ ਗਗਨਦੀਪ ਸਿੰਘ (ਏਟੀਐਮ) ਅਤੇ ਅਮਨਦੀਪ ਸਿੰਘ, ਸੇਵਾਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਸਰਕਲ ਲੱਖੇਵਾਲੀ ਦੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।