‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਪੱਧਰੀ ਮੁਕਾਬਲੇ ਸ਼ੁਰੂ “ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4” ਤਹਿਤ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼
Publish Date: Mon, 07 Sep 2026 05:31 PM (IST)
Updated Date: Mon, 07 Sep 2026 05:34 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਸ ਮੌਕੇ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ ਸੰਧੂ, ਐਡਵੋਕੇਟ ਅਭੀਜੀਤ ਸਿੰਘ ਸੰਗਰਾਣਾ ਅਤੇ ਡੀਐਮ ਸਪੋਰਟਸ ਸੁਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ’ਚ ਮੈਡਲ ਹਾਸਲ ਕਰਕੇ ਉੱਚ ਪੱਧਰੀ ਨੌਕਰੀਆਂ ਦੇ ਮੌਕੇ ਪ੍ਰਾਪਤ ਕਰ ਸਕਦੇ ਹਨ। ਇਸਤੋਂ ਪਹਿਲਾਂ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰਡਰ-14, ਅੰਡਰ-17 ਅਤੇ ਅੰਡਰ-21 ਉਮਰ ਵਰਗ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਬਲਾਕ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਇਸ ਪ੍ਰੋਗਰਾਮ ’ਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਸਮੂਹ ਡੀਪੀਈ/ਪੀਟੀਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਟੀਮ ਅਤੇ ਹੋਰ ਪਤਵੰਤੇ ਆਦਿ ਹਾਜ਼ਰ ਰਹੇ।