ਗਿੱਦੜਬਾਹਾ ਵਿਖੇ ਪੁਲਿਸ ਨੇ ਵਿੱਢੀ ਤਲਾਸ਼ੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਲਗਾਤਾਰ ਕਾਰਵਾਈ
Publish Date: Mon, 16 Nov 2026 03:40 PM (IST)
Updated Date: Mon, 16 Nov 2026 03:42 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁੱਖੀ ਅਭਿਮਨਿਊ ਰਾਣਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਗਿੱਦੜਬਾਹਾ ਇਲਾਕੇ ’ਚ ਜਤਿੰਦਰ ਸਿੰਘ ਡੀਐਸਪੀ ਗਿੱਦੜਬਾਹਾ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਗਿੱਦੜਬਾਹਾ ਸਮੇਤ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਕਾਸੋ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ ਦਾ ਗਠਨ ਕਰਕੇ ਇਲਾਕੇ ’ਚ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਟਿਕਾਣਿਆਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ। ਇਹ ਸਰਚ ਅਭਿਆਨ ਸਵੇਰ ਸਮੇਂ ਸ਼ੁਰੂ ਕੀਤਾ ਗਿਆ, ਜੋ ਲਗਾਤਾਰ ਜਾਰੀ ਹੈ। ਇਸ ਕਾਰਵਾਈ ਦੌਰਾਨ ਵੀਡੀਸੀ ਮੈਂਬਰਾਂ ਅਤੇ ਆਮ ਲੋਕਾਂ ਵੱਲੋਂ ਦਿੱਤੀ ਗਈ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਨਸ਼ਿਆਂ ਨਾਲ ਸਬੰਧਤ ਮੁਕੱਦਮੇ ਦਰਜ ਹਨ ਜਾਂ ਜਿਨ੍ਹਾਂ ਦੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਚ ਸ਼ਾਮਲ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਸੀ, ਉਨ੍ਹਾਂ ਦੇ ਘਰਾਂ ਅਤੇ ਹੋਰ ਸ਼ੱਕੀ ਟਿਕਾਣਿਆਂ ਦੀ ਵੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਇਲਾਕੇ ’ਚ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ। ਇਸ ਸਰਚ ਅਭਿਆਨ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਨਕੇਲ ਕੱਸਣਾ, ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ’ਤੇ ਪ੍ਰਭਾਵਸ਼ਾਲੀ ਕੰਟਰੋਲ ਕਾਇਮ ਕਰਨਾ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਮਾਹੌਲ ਮੁਹੱਈਆ ਕਰਵਾਉਣਾ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਹੈ ਅਤੇ ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਨੂੰ ਮੁੜ ਬਿਹਤਰ ਬਣਾਉਣਾ ਚਾਹੁੰਦਾ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਅਜਿਹੇ ਵਿਅਕਤੀਆਂ ਨੂੰ ਲੋੜ ਅਨੁਸਾਰ ਸਰਕਾਰੀ ਹਸਪਤਾਲਾਂ ਅਤੇ ਡੀ-ਐਡੀਕਸ਼ਨ ਸੈਂਟਰਾਂ ਵਿਖੇ ਇਲਾਜ ਲਈ ਭੇਜ ਕੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਨਸ਼ਾ ਛੁਡਾਊ ਇਲਾਜ ਸਹੂਲਤਾਂ ਦਾ ਲਾਭ ਦਿਵਾਇਆ ਜਾਵੇਗਾ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਅਪਰਾਧੀ ਸਮਝਣ ਦੀ ਬਜਾਏ ਉਨ੍ਹਾਂ ਨੂੰ ਇਲਾਜ ਅਤੇ ਪੁਨਰਵਾਸ ਵੱਲ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਮੁਹਿੰਮ ’ਚ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਸਮੇਂ ’ਚ ਵੀ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗੀ। ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।