- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਵਿਧਾਨ ਦਿਵਸ ਮੌਕੇ ਆਦਰਸ਼ ਸਕੂਲ ਕੋਟਭਾਈ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ, ਗਿੱਦੜਬਾਹਾ : ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਕੋਟਭਾਈ ’ਚ ਭਾਰਤੀ ਸੰਵਿਧਾਨ ਦੇ ਮਹੱਤਵ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਸਵੀਪ ਨੋਡਲ ਇੰਚਾਰਜ ਰਮਨਦੀਪ ਕੌਰ ਅਤੇ ਐਨਐੱਸਐੱਸ ਨੋਡਲ ਅਫ਼ਸਰ ਮਨਦੀਪ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ। ਸਮਾਗਮ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਚੌਥੇ ਹਾਊਸ, ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਵੱਲੋਂ ਨਿਭਾਈ ਗਈ, ਜਿਸ ਦਾ ਪ੍ਰਬੰਧ ਹਾਊਸ ਇੰਚਾਰਜ ਸ੍ਰੀ ਅਨੰਦ ਕੁਮਾਰ ਦੀ ਦੇਖ-ਰੇਖ ਹੇਠ ਕੀਤਾ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਦੇ ਨਾਲ-ਨਾਲ ਲੋਕਤੰਤਰ ਦੀਆਂ ਬੁਨਿਆਦੀ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ।
ਇਸ ਦੇ ਨਾਲ ਹੀ ਸੰਵਿਧਾਨ ਦੇ ਨਿਰਮਾਣ ਦੀ ਇਤਿਹਾਸਕ ਪ੍ਰਕਿਰਿਆ, ਸੰਵਿਧਾਨ ਸਭਾ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਭਾਸ਼ਣਾਂ ਅਤੇ ਵੱਖ-ਵੱਖ ਸਿੱਖਿਆਦਾਇਕ ਗਤੀਵਿਧੀਆਂ ਰਾਹੀਂ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਵਰਗੇ ਸੰਵਿਧਾਨਕ ਆਦਰਸ਼ਾਂ ਦੀ ਮਹੱਤਤਾ ਨੂੰ ਸਮਝਿਆ। ਇਸ ਮੌਕੇ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰਿਕ ਵਿਵਸਥਾ ਦੀ ਨੀਂਹ ਹੈ। ਸੰਵਿਧਾਨ ਸਾਨੂੰ ਸਿਰਫ਼ ਅਧਿਕਾਰ ਹੀ ਨਹੀਂ ਦਿੰਦਾ, ਸਗੋਂ ਦੇਸ਼ ਅਤੇ ਸਮਾਜ ਪ੍ਰਤੀ ਸਾਡੇ ਫ਼ਰਜ਼ਾਂ ਦੀ ਵੀ ਯਾਦ ਦਿਵਾਉਂਦਾ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਨ, ਸੰਵਿਧਾਨਕ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਇਹ ਸੁਨੇਹਾ ਦਿੱਤਾ ਕਿ ਸੰਵਿਧਾਨ ਦਾ ਸਤਿਕਾਰ ਕਰਨਾ ਅਤੇ ਇਸ ’ਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਸੰਵਿਧਾਨਕ ਚੇਤਨਾ, ਸਮਾਜਿਕ ਜ਼ਿੰਮੇਵਾਰੀ ਅਤੇ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਵਿਕਸਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।