- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਫ-ਸਫਾਈ, ਸਟਰੀਟ ਲਾਈਟਾਂ ਤੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ’ਚ ਪਹੁੰਚਾਣਾ ਬਣਾਇਆ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਵੱਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ’ਚ ਸਾਫ-ਸਫਾਈ, ਸਟਰੀਟ ਲਾਈਟਾਂ, ਸੀਸੀਟੀਵੀ ਕੈਮਰਿਆਂ, ਬੇਸਹਾਰਾ ਪਸ਼ੂਆਂ ਅਤੇ ਮੰਡੀਆਂ ’ਚ ਸਾਫ-ਸਫਾਈ ਪ੍ਰਬੰਧਾਂ ਸਮੇਤ ਹੋਰ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬੰਧਤ ਪੋਰਟਲ ’ਤੇ ਪੈਂਡਿੰਗ ਪਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ ਅਤੇ ਸ਼ਿਕਾਇਤਾਂ ਦੇ ਨਿਪਟਾਰੇ ’ਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਅਧੀਨ ਪੈਂਦੇ ਸ਼ਹਿਰਾਂ ’ਚ ਸਾਫ-ਸਫਾਈ ਦੇ ਪ੍ਰਬੰਧਾਂ, ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰਿਆਂ ਦੀ ਰੋਜ਼ਾਨਾ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਈਓ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਆਵਾਜਾਈ ਅਤੇ ਆਮ ਲੋਕਾਂ ਦੀ ਸੁਰੱਖਿਆ ਸਬੰਧੀ ਸਮੱਸਿਆਵਾਂ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਮੰਡੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬਜ਼ੀ ਮੰਡੀ ਅਤੇ ਅਨਾਜ ਮੰਡੀ ਵਿੱਚ ਲੋੜੀਂਦੀ ਗਿਣਤੀ ਵਿੱਚ ਡਸਟਬਿਨ ਮੁਹੱਈਆ ਕਰਵਾਏ ਜਾਣ ਅਤੇ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਲੋਕਾਂ ਅਤੇ ਵਪਾਰੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੋਂਟੀ, ਐਸਡੀਐਮ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ, ਐਸਪੀ (ਐਚ) ਗੁਰਿੰਦਰਜੀਤ ਸਿੰਘ, ਕੁਲਵਿੰਦਰ ਕੰਡਾ ਚੇਅਰਮੈਨ ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।