ਵੋਟਿੰਗ ਪ੍ਰਤੀ ਜਾਗਰੂਕਤਾ ਲਈ ਕਰਵਾਏ ਲੇਖ ਤੇ ਕੁਇਜ਼ ਮੁਕਾਬਲੇ ਵੋਟਿੰਗ ਪ੍ਰਤੀ ਜਾਗਰੂਕਤਾ ਲਈ ਕਰਵਾਏ ਲੇਖ ਤੇ ਕੁਇਜ਼ ਮੁਕਾਬਲੇ
Publish Date: Wed, 18 Nov 2026 04:30 PM (IST)
Updated Date: Wed, 18 Nov 2026 04:31 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਦੇ ਸਕੂਲਾਂ ਅਤੇ ਕਾਲਜਾਂ ’ਚ ਸਥਾਪਿਤ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਵੋਟਿੰਗ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਗਿੱਦੜਬਾਹਾ ਦੇ ਬਲਾਕ ਪੱਧਰੀ ਮੁਕਾਬਲੇ ਐੱਸਡੀਐੱਮ ਪੁਨੀਤ ਸ਼ਰਮਾ ਦੀ ਰਹਿਨੁਮਾਈ ਹੇਠ ਜੇਐੱਨਜੇ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਹਲਕੇ ਦੇ 37 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਕਲਾ ਅਤੇ ਸੂਝ-ਬੂਝ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਬਲਾਕ ਪੱਧਰੀ ਪ੍ਰਬੰਧਕੀ ਟੀਮ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਇਸ ਟੀਮ ’ਚ ਬੀਪੀਓ ਬਲਵਿੰਦਰ ਸਿੰਘ, ਹੈੱਡਮਾਸਟਰ ਵਿੱਕੀ ਕੁਮਾਰ, ਅਸ਼ੋਕ ਰਹੇਜਾ, ਤਰਸੇਮ ਸਿੰਘ ਅਤੇ ਮਾਸਟਰ ਹਰਜੀਤ ਸਿੰਘ ਸਮੇਤ 37 ਸਕੂਲਾਂ ਦੇ ਅਧਿਆਪਕ ਮੌਜੂਦ ਰਹੇ, ਜਦੋਂਕਿ ਪ੍ਰੋਗਰਾਮ ਦੇ ਮੁੱਖ ਮਹਿਮਾਨ ਐੱਸ.ਡੀ.ਐੱਮ. ਪੁਨੀਤ ਸ਼ਰਮਾ ਸਨ। ਲੇਖ ਮੁਕਾਬਲਿਆਂ ਵਿੱਚ ਅਭੀਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ, ਗੁਰਅੰਸ਼ਦੀਪ ਡੀਏਵੀ ਵੈਸ ਸਕੂਲ, ਮਨਮੀਤ ਕੌਰ ਜੇਐੱਨਜੇ ਡੀਏਵੀ ਸਕੂਲ ਗਿੱਦੜਬਾਹਾ, ਤਕਦੀਰ ਕੌਰ ਅਕਾਲ ਅਕੈਡਮੀ ਦੌਲਾ ਅਤੇ ਜਸਕੀਰਤ ਕੌਰ ਮਾਲਵਾ ਸਕੂਲ ਗਿੱਦੜਬਾਹਾ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਇਸੇ ਤਰ੍ਹਾਂ ਕੁਇਜ਼ ਮੁਕਾਬਲਿਆਂ ਵਿੱਚ ਜਪਨ ਅਰੋੜਾ ਜੇਐੱਨਜੇ ਡੀਏਵੀ ਸਕੂਲ ਗਿੱਦੜਬਾਹਾ, ਤਨੀਸ਼ਾ ਗਰਗ ਮਾਲਵਾ ਸਕੂਲ ਗਿੱਦੜਬਾਹਾ, ਜਾਨਵੀ ਸਰਕਾਰੀ ਹਾਈ ਸਕੂਲ ਹੁਸਨਰ, ਗੁਰਪ੍ਰੀਤ ਕੌਰ ਗੁਰੂ ਨਾਨਕ ਦੇਵ ਸਕੂਲ ਸਮਾਘ ਅਤੇ ਸੁਖਮਣੀ ਕੌਰ ਅਕਾਲ ਅਕੈਡਮੀ ਦੌਲਾ ਦੀ ਟੀਮ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਮੁੱਖ ਮਹਿਮਾਨ ਐੱਸਡੀਐੱਮ ਪੁਨੀਤ ਸ਼ਰਮਾ ਨੇ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਤਕਸੀਮ ਕੀਤੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੋਟਿੰਗ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਰਾਲੀ ਸਾੜਨ ਕਾਰਨ ਵਾਤਾਵਰਨ ’ਚ ਫੈਲ ਰਹੇ ਧੂੰਏਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਸਾਰੇ ਕੁਆਲੀਫਾਈ ਕਰਨ ਵਾਲੇ ਵਿਦਿਆਰਥੀ 19 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲਿਆਂ ਵਿੱਚ ਬਲਾਕ ਗਿੱਦੜਬਾਹਾ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਹੋਰ ਮਿਹਨਤ ਅਤੇ ਚੰਗੀ ਤਿਆਰੀ ਕਰਨ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ।