ਸਾਬਕਾ ਸੈਨਿਕਾਂ ਨੇ ਦਿੱਤਾ ਸਫ਼ਾਈ ਸੇਵਕਾਂ ਨੂੰ ਸਮਰਥਨ, ਮੰਗਾਂ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਸਾਬਕਾ ਸੈਨਿਕਾਂ ਨੇ ਦਿੱਤਾ ਸਫ਼ਾਈ ਸੇਵਕਾਂ ਨੂੰ ਸਮਰਥਨ, ਮੰਗਾਂ ਨਾ ਮੰਨਣ 'ਤੇ ਤਿੱਖੇ ਸੰਘਰਸ਼ ਦੀ ਦਿੱਤੀ ਚੇਤਾਵਨੀ
Publish Date: Thu, 23 Jul 2026 04:00 PM (IST)
Updated Date: Thu, 23 Jul 2026 04:01 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ, ਬਲਾਕ ਪ੍ਰਧਾਨ ਰਾਜ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਦੀਪੂ ਦੀ ਅਗਵਾਈ ਹੇਠ ਚੱਲ ਰਹੀ ਹੜਤਾਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਆਰਮੀ ਵੈਟਰਨਜ਼ ਵੈੱਲਫੇਅਰ ਯੂਨੀਅਨ ਦੇ ਅਹੁਦੇਦਾਰਾਂ ਨੇ ਧਰਨੇ ’ਚ ਸ਼ਿਰਕਤ ਕਰ ਕੇ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਆਰਮੀ ਵੈਟਰਨਜ਼ ਵੈੱਲਫੇਅਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਸੂਬੇਦਾਰ ਜਸਵਿੰਦਰ ਸਿੰਘ ਗੰਧੜ ਅਤੇ ਹੌਲਦਾਰ ਮੇਜਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬੇਦਾਰ ਜਸਵਿੰਦਰ ਸਿੰਘ ਗੰਧੜ ਨੇ ਪੰਜਾਬ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸਰਕਾਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।ਆਮ ਜਨਤਾ ਅਤੇ ਮੁਲਾਜ਼ਮਾਂ ਨੇ 92 ਸੀਟਾਂ ਜਤਾ ਕੇ ਆਮ ਆਦਮੀ ਪਾਰਟੀ ਨੂੰ ਇਸ ਉਮੀਦ ਨਾਲ ਵਾਗਡੋਰ ਸੌਂਪੀ ਸੀ ਕਿ ਹਰ ਵਰਗ ਦੇ ਮਸਲੇ ਹੱਲ ਹੋਣਗੇ। ਪਰ ਅਫ਼ਸੋਸ ਦੀ ਗੱਲ ਹੈ ਕਿ ਹੁਣ ਆਪਣੇ ਹੱਕ ਮੰਗ ਰਹੇ ਮੁਲਾਜ਼ਮਾਂ ਤੇ ਲਾਠੀਆਂ ਵਰ੍ਹਾਈਆਂ ਜਾ ਰਹੀਆਂ ਹਨ। ਉਨ੍ਹਾਂ ਪੁਲਿਸ ਵੱਲੋਂ ਸਫ਼ਾਈ ਸੇਵਕਾਂ ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ ਇਸ ਧੱਕੇਸ਼ਾਹੀ ਦਾ ਖਾਮਿਆਜ਼ਾ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਸਫ਼ਾਈ ਸੇਵਕਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੰਗਾਂ ਦਾ ਪੱਕਾ ਹੱਲ ਕੱਢੇ। ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸਫ਼ਾਈ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ 30 ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ, ਜਿਨ੍ਹਾਂ ਵਿੱਚ ਮੁੱਖ ਤੌਰ ਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਤਨਖਾਹਾਂ ’ਚ ਵਾਧਾ ਕਰਨਾ, ਬਕਾਇਆ ਰਾਸ਼ੀ (ਏਰੀਅਰ) ਦਾ ਭੁਗਤਾਨ ਕਰਨਾ ਸ਼ਾਮਲ ਹਨ। ਇਸ ਮੌਕੇ ਸਤਪਾਲ ਅਟਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਨ੍ਹਾਂ ਤੋਂ ਇਲਾਵਾ ਸੁਰੇਸ਼ ਕੁਮਾਰ, ਸ਼ਿਵਚਰਨ, ਰਜਿੰਦਰ ਕੁਮਾਰ, ਸੁਨੀਲ ਕੁਮਾਰ, ਕਪਿਲ, ਸੁਨੀਲ, ਸਕੱਤਰ ਸੁਲੇਮਾਨ ਸਮੇਤ ਵੱਡੀ ਗਿਣਤੀ ਵਿੱਚ ਸਫ਼ਾਈ ਸੇਵਕ ਅਤੇ ਔਰਤਾਂ ਮੌਜੂਦ ਸਨ।