ਕੜਾਕੇ ਦੀ ਠੰਢ ’ਤੇ ਭਾਰੀ ਪਈ ਆਸਥਾ, ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ’ਚ ਹੋਈਆਂ ਨਤਮਸਤਕ
ਕੜਾਕੇ ਦੀ ਠੰਡ ’ਤੇ ਭਾਰੀ ਪਈ ਆਸਥਾ, ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਈਆਂ ਨਤਮਸਤਕ
Publish Date: Wed, 14 Jan 2026 06:08 PM (IST)
Updated Date: Wed, 14 Jan 2026 06:09 PM (IST)

- ਰਾਗੀ ਜੱਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਕੀਤਾ ਨਿਹਾਲ, ਸੰਗਤਾਂ ਨੇ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ ਭੰਵਰਾ/ਗਿੱਲ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਿੱਖ ਇਤਿਹਾਸ ਦੇ ਪੰਨਿਆਂ ’ਚ ਵਿੱਲਖਣ ਸਥਾਨ ਰੱਖਦੇ ਮਹਾਨ ਸਿੰਘਾਂ ਚਾਲੀ ਮੁਕਤਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮਾਘੀ ਦਾ ਦਿਹਾੜਾ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। 14 ਜਨਵਰੀ ਨੂੰ ਮਾਘੀ ਇਸ਼ਨਾਨ ਦੇ ਦਿਨ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ 40 ਮੁਕਤਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਕੜਾਕੇ ਦੀ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਪੈਣ ਦੇ ਬਾਵਜੂਦ ਵੀ ਸੰਗਤਾਂ ਦਾ ਸੈਲਾਬ ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਪਹੁੰਚਿਆ ਤੇ ਆਸਥਾ ਦਾ ਅਥਾਹ ਪ੍ਰਗਟਾਵਾ ਕੀਤਾ। ਸੰਗਤਾਂ ਨੇ ਪਵਿੱਤਰ ਸਰੋਵਰ ’ਚ ਠੰਢ ਦੇ ਬਾਵਜੂਦ ਚੁੱਭੀਆਂ ਲਗਾ ਕੇ ਸ਼ਰਧਾ ਭਾਵਨਾ ਨਾਲ ਇਸ਼ਨਾਨ ਕੀਤਾ। ਕੜਾਕੇ ਦੀ ਠੰਢ ਵੀ ਸ਼ਰਧਾਲੂਆਂ ਦੀ ਆਸਥਾ ਨੂੰ ਰੋਕ ਨਾ ਸਕੀ ਤੇ ਸੰਗਤਾਂ ਲੋਹੜੀ ਵਾਲੀ ਰਾਤ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ਤੇ 14 ਜਨਵਰੀ ਨੂੰ ਦਿਨ ਭਰ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀ ਰਹੀ। ਸ਼ਹੀਦੀ ਜੋੜ ਮੇਲ ਮਾਘੀ ਦੇ ਸਬੰਧੀ ਧਾਰਮਿਕ ਸਮਾਗਮਾਂ ਤਹਿਤ 12 ਜਨਵਰੀ 2026 ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਸਨ, ਜਿਨ੍ਹਾਂ ਦੇ ਭੋਗ 14 ਜਨਵਰੀ ਨੂੰ ਮਾਘੀ ਵਾਲੇ ਦਿਨ ਪਾਏ ਗਏ। ਇਸ ਉਪਰੰਤ ਰਾਗੀ ਜੱਥਿਆਂ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 14 ਜਨਵਰੀ ਨੂੰ ਹੀ ਭਾਈ ਮਹਾਂ ਸਿੰਘ ਦੀਵਾਨ ਹਾਲ ’ਚ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਰਾਗੀ, ਢਾਡੀ ਤੇ ਵਿਦਵਾਨਾਂ ਨੇ ਗੁਰੂ ਜਸ, ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਧਾਰਮਿਕ ਸਮਾਗਮਾਂ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਜੱਥੇ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਚ ਕੋਟੀ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਪਹੁੰਚ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਸ਼ਹਿਰ ਦੇ ਇਤਿਹਾਸਕ ਗੁਰੂ ਘਰ ਸ੍ਰੀ ਦਰਬਾਰ ਸਾਹਿਬ ਸ੍ਰੀ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਨਸਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ। ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੀ ਸਹੂਲਤ ਲਈ ਬੜੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਬਾਹਰੋਂ ਆਈ ਸੰਗਤ ਲਈ ਰਿਹਾਇਸ਼ ਅਤੇ ਲੰਗਰ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਸ੍ਰੀ ਦਰਬਾਰ ਸਾਹਿਬ ਦੇ ਗੇਟਾਂ ਦੇ ਬਾਹਰ ਲਾਈਟਾਂ ਲਗਾਈਆਂ ਗਈਆਂ ਸਨ। ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਹੋਰ ਗੁਰੂ ਘਰਾਂ ਨੂੰ ਸੁੰਦਰ ਬਿਜਲਈ ਲੜੀਆਂ ਤੇ ਫੁੱਲਾਂ ਆਦਿ ਨਾਲ ਸਜਾਇਆ ਗਿਆ। ਅੱਜ ਸ਼ਹਿਰ ’ਚ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ : 15 ਜਨਵਰੀ 2026 ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਸਮਾਗਮ ਹੋਵੇਗਾ ਤੇ 15 ਜਨਵਰੀ ਨੂੰ ਗੁਰਦੁਆਰਾ ਤੰਬੂ ਸਾਹਿਬ ਵਿਖੇ 11 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਇਸ ਤੋਂ ਇਲਾਵਾ 15 ਜਨਵਰੀ ਨੂੰ ਹੀ ਗੇਟ ਨੰਬਰ 4 ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਕਿ ਗੁਰਦੁਆਰਾ ਟਿੱਬੀ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਇਸ ਤੋਂ ਇਲਾਵਾ ਨਿਹੰਗ ਸਿੰਘ ਫੌਜਾਂ ਵੱਲੋਂ ਵੀ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਮਹੱਲਾ ਕੱਢਿਆ ਜਾਵੇਗਾ। ਇਸ ਉਪਰੰਤ ਘੋੜ ਦੌੜ ਹੋਵੇਗੀ ਤੇ ਗੱਤਕਾ ਮੁਕਾਬਲੇ ਵੀ ਕਰਵਾਏ ਜਾਣਗੇ। ਓਧਰ ਪ੍ਰਸ਼ਾਸਨ ਵੱਲੋਂ ਵੀ ਮੇਲੇ ’ਤੇ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।