ਛੱਤਿਆਣਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ
ਪਿੰਡ ਛੱਤਿਆਣਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਦਾ ਕੀਤਾ ਆਯੋਜਨ
Publish Date: Tue, 24 Mar 2026 05:48 PM (IST)
Updated Date: Tue, 24 Mar 2026 05:52 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਛੱਤੇਆਣਾ ਵਿਖੇ ਬੀਤੇ ਦਿਨੀਂ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਇਸ ਮੌਕੇ ਡਾ. ਕਰਮਜੀਤ ਸ਼ਰਮਾ ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਿੱਟੀ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਕੀਤੀ ਜਾ ਸਕਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ। ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਆਧੁਨਿਕ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਕੇ ਸਮੇਂ ਸਿਰ ਅਗਲੀ ਫਸਲ ਦੀ ਬਿਜਾਈ ਸੰਭਵ ਹੈ। ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਅਤੇ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹ ਤਰੀਕੇ ਟਿਕਾਊ ਖੇਤੀ ਵੱਲ ਇੱਕ ਮਹੱਤਵਪੂਰਨ ਕਦਮ ਹਨ।ਪ੍ਰੋਗਰਾਮ ਦੇ ਅਖੀਰ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ।