- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਪਰਾਲੀ ਸਾੜਨ ਦੇ ਮਸਲੇ ’ਤੇ ਗ੍ਰਿਫ਼ਤਾਰ ਕਿਸਾਨ ਆਗੂ ਬਿਨਾਂ ਸ਼ਰਤ ਰਿਹਾਅ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਥਾਣਾ ਲੱਖੇਵਾਲੀ ਅੱਗੇ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਝੋਨੇ ਦੀ ਪਰਾਲੀ ਸਾੜਨ ਦੇ ਮਸਲੇ ’ਤੇ ਦਰਜ ਪਰਚੇ ਅਧੀਨ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂ ਹਰਚਰਨ ਸਿੰਘ ਲੱਖੇਵਾਲੀ ਦੀ ਰਿਹਾਈ ਲਈ ਲਾਇਆ ਗਿਆ ਸੀ। ਧਰਨੇ ਦੌਰਾਨ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨੀ ਸੰਘਰਸ਼ ਅੱਗੇ ਝੁਕਦਿਆਂ ਥਾਣਾ ਮੁਖੀ ਮਲਕੀਤ ਸਿੰਘ ਨੇ ਧਰਨੇ ਵਿੱਚ ਪਹੁੰਚ ਕੇ ਕਿਸਾਨ ਆਗੂ ਹਰਚਰਨ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਅਤੇ ਦਰਜ ਕੀਤਾ ਪਰਚਾ ਰੱਦ ਕਰਨ ਦਾ ਐਲਾਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਇਨਕਲਾਬ ਦੇ ਨਾਅਰੇ ਲਾ ਕੇ ਸੱਤਾ ’ਚ ਆਈ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੋ ਏਕੜ ਤੱਕ ਦੇ ਕਿਸਾਨਾਂ ਦੀ ਪਰਾਲੀ ਸਰਕਾਰ ਖ਼ੁਦ ਸੰਭਾਲੇ, ਪੰਜ ਏਕੜ ਤੱਕ ਦੇ ਕਿਸਾਨਾਂ ਨੂੰ 5,000 ਰੁਪਏ ਅਤੇ 15 ਏਕੜ ਤੱਕ ਦੇ ਕਿਸਾਨਾਂ ਨੂੰ 15,000 ਰੁਪਏ ਦੀ ਮਦਦ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਰਾਲੀ ਦੇ ਨਿਪਟਾਰੇ ਲਈ 6,000 ਰੁਪਏ ਪ੍ਰਤੀ ਏਕੜ ਜਾਂ ਫ਼ਸਲ ’ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪਰਚੇ ਦਰਜ ਕਰਨੇ ਬੰਦ ਨਾ ਕੀਤੇ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਧਰਨੇ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਅਤੇ ਕਾਕਾ ਸਿੰਘ ਖੁੰਡੇ ਹਲਾਲ ਵੀ ਆਪਣੀ ਟੀਮ ਨਾਲ ਸਮਰਥਨ ਦੇਣ ਪਹੁੰਚੇ। ਇਸਤੋਂ ਇਲਾਵਾ ਬਲਾਕ ਲੰਬੀ ਦੇ ਜਨਰਲ ਸਕੱਤਰ ਮਲਕੀਤ ਸਿੰਘ ਗਗੜ, ਮਨੋਹਰ ਸਿੰਘ ਸਿੱਖਵਾਲਾ, ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਹਰਫ਼ੂਲ ਸਿੰਘ ਭਾਗਸਰ ਅਤੇ ਅਜੈਬ ਸਿੰਘ ਮੱਲਣ ਸਮੇਤ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਹਾਜ਼ਰ ਸਨ।